. ਐਡਵੋਕੇਟ ਧਾਮੀ ਨੇ ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ
ਅਮਰੀਕ ਸਿੰਘ ਅਤੇ ਗੁਰਸ਼ਰਨ ਸਿੰਘ ਸੰਧੂ
ਅੰਮ੍ਰਿਤਸਰ 19 ਅਗਸਤ
ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੀਤਮ ਸਿੰਘ ਕੁਮੇਦਾਨ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਵੱਡਮੁੱਲਾ ਯੋਗਦਾਨ ਪਾਇਆ ਅਤੇ ਉਨ੍ਹਾਂ ਨੇ ਹਮੇਸ਼ਾ ਹੀ ਸੂਬਿਆਂ ਨੂੰ ਵੱਧ ਅਧਿਕਾਰ ਦੇਣ ਲਈ ਆਵਾਜ਼ ਬੁਲੰਦ ਕੀਤੀ।
ਉਨ੍ਹਾਂ ਕਿਹਾ ਕਿ ਕੁਮੇਦਾਨ ਪੰਜਾਬ ਲਈ ਸਮਰਪਿਤ ਸ਼ਖਸੀਅਤ ਸਨ, ਜਿਨ੍ਹਾਂ ਨੂੰ ਪਾਣੀਆਂ ਦੀ ਰਾਖੀ ਲਈ ਨਿਭਾਈ ਭੂਮਿਕਾ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੁਮੇਦਾਨ ਦਾ ਦੇਹਾਂਤ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੰਜਾਬ ਅਤੇ ਪੰਜਾਬੀਆਂ ਲਈ ਵੱਡਾ ਘਾਟਾ ਹੈ, ਜਿਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ।
ਐਡਵੋਕੇਟ ਧਾਮੀ ਨੇ ਡਾ. ਪ੍ਰੀਤਮ ਸਿੰਘ ਕੁਮੇਦਾਨ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।