ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਡੀ.ਸੀ. ਦਫਤਰ ਦੇ ਮੂਹਰੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ।ਜੇਕਰ ਰੇਗੂਲਰ ਨਾ ਕੀਤਾ ਤਾਂ ਪੰਜਾਬ ਭਰ ’ਚ ਸਿਹਤ ਸੇਵਾਵਾਂ ਹੋਣਗੀਆਂ ਬਿੱਲਕੁਲ ਠੱਪ।ਗੁਰਸ਼ਰਨ ਸਿੰਘ ਸੰਧੂ ਫਿਰੋਜ਼ਪੁਰ 23 ਦਸੰਬਰ ਨੈਸ਼ਨਲ ਹੈਲਥ ਮਿਸ਼ਨ ਅਧੀਨ ਸਿਹਤ ਵਿਭਾਗ ਵਿੱਚ ਕੰਮ ਕਰਦੇ ਸਿਹਤ ਮੁਲਾਜ਼ਮਾਂ ਵੱਲੋਂ ਅੱਜ ਸੂਬਾ ਯੂਨੀਅਨ ਦੀ ਕਾਲ ਤੇ ਅੱਜ ਡੀ.ਸੀ. ਦਫਤਰ, ਫਿਰੋਜ਼ਪੁਰ ਮੂਹਰੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ, ਜਿਸਦੇ ਤਹਿਤ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਸੀ ਅਤੇ ਇਸ ਤੋਂ ਬਾਅਦ ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਬਿਆਨ ਵੀ ਜਾਰੀ ਕੀਤਾ ਸੀ, ਪ੍ਰੰਤੂ ਪਿਛਲੀਆਂ ਦੀਆਂ ਸਰਕਾਰਾਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਨਜ਼ਰ ਅੰਦਾਜ਼ ਕੀਤਾ ਹੈ। ਜਿਸਦੇ ਰੋਸ ਵਜੋਂ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵੱਲੋਂ ਅੱਜ ਡੀ.ਸੀ. ਦਫਤਰ ਦੇ ਅੱਗੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ, ਜਿਸ ਕਾਰਨ ਇਨ੍ਹਾਂ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਜੇਕਰ ਹੁਣ ਵੀ ਪੰਜਾਬ ਸਰਕਾਰ ਵੱਲੋਂ ਸਾਡੇ ਬਾਰੇ ਨਾ ਸੋਚਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਪੂਰੇ ਪੰਜਾਬ ਵਿੱਚ ਸਿਹਤ ਸੇਵਾਵਾਂ ਠੱਪ ਕਰ ਦਿੱਤੀਆਂ ਜਾਣਗੀਆਂ, ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਜਿਲ੍ਹਾ ਫਿਰੋਜ਼ਪੁਰ ਦੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਜ਼ਮਾਂ ਅਤੇ ਹੋਰ ਰੈਗੂਲਰ ਜਥੇਬੰਦੀਆਂ ਹਾਜ਼ਰ ਸਨ।