ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪਿੰਡ ਬਹਿਰਾਮਪੁਰ, ਦੀਨਾਨਗਰ, ਗੁਰਦਾਸਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਚ ਨਿਖੇਧੀ
ਅਮਰੀਕ ਸਿੰਘ
ਅੰਮ੍ਰਿਤਸਰ ਜੁਲਾਈ 17
ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪਿੰਡ ਬਹਿਰਾਮਪੁਰ, ਦੀਨਾਨਗਰ, ਗੁਰਦਾਸਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਇੱਕ ਬਹੁਤ ਹੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।ਆਏ ਦਿਨ ਕੋਈ ਨਾ ਕੋਈ ਬੇਅਦਬੀ ਦੀ ਘਟਨਾ ਵਾਪਰ ਜਾਂਦੀ ਹੈ।ਜਿਸ ਕਾਰਨ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ।
ਸਿੰਘ ਸਾਹਿਬ ਜੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ, ਇਹ ਕੋਈ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਏ।ਇਨ੍ਹਾਂ ਘਟਨਾਵਾਂ ਨੂੰ ਸੋਚੀ ਸਮਝੀ ਸਾਜਿਸ਼ ਤਹਿਤ ਹੀ ਪੰਥ ਦੋਖੀਆਂ ਵੱਲੋਂ ਅੰਜਾਮ ਦਿੱਤਾ ਜਾ ਰਿਹਾ ਹੈ।
ਸਿੰਘ ਸਾਹਿਬ ਜੀ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਸਖਤ ਕਾਰਵਾਈ ਕਰਦਿਆਂ ਹੋਇਆ ਅਜਿਹੇ ਸਾਜਿਸ਼ ਕਰਤਾ ਅਤੇ ਘਨੌਣੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਬੇਪਰਦ ਕਰੇ ਤਾਂ ਜੋ ਕੋਈ ਐਸੀਆਂ ਘਟਨਾਵਾਂ ਨੂੰ ਦੁਬਾਰਾ ਕਰਨ ਦੀ ਹਿੰਮਤ ਨਾ ਕਰੇ।
ਸਿੰਘ ਸਾਹਿਬ ਜੀ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਉਹ ਸੁਚੇਤ ਹੋ ਕੇ ਸੇਵਾ ਸੰਭਾਲ ਕਰਨ ਅਤੇ ਹਰ ਵੇਲੇ ਇੱਕ ਸਿੰਘ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿਚ ਤਾਇਨਾਤ ਰਹੇ।