ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਦੇ ਗ੍ਰੰਥੀ ਸਿੰਘ ਨਾਲ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਅਮਰੀਕ ਸਿੰਘ ਅਤੇ ਗੁਰਸ਼ਰਨ ਸਿੰਘ ਸੰਧੂ
ਅੰਮ੍ਰਿਤਸਰ 19 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਸੇਵਾ ਕਰ ਰਹੇ ਗਿਆਨੀ ਦਇਆ ਸਿੰਘ ਨਾਲ ਹੋਈ ਲੁੱਟ-ਖੋਹ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਵਿਰੁੱਧ ਹਿੰਸਾ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਸ ਕਾਰਨ ਉੱਥੇ ਰਹਿੰਦੇ ਸਿੱਖ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ ਨੂੰ ਜਾਂਦੇ ਸਮੇਂ ਭਾਈ ਦਇਆ ਸਿੰਘ ਨੂੰ ਸਾਥੀ ਸਿੰਘ ਸਮੇਤ ਬੰਦੂਕ ਦੀ ਨੋਕ ‘ਤੇ ਲੁੱਟਣਾ ਸਿੱਖਾਂ ਨੂੰ ਡਰਾਉਣ ਵਾਲੀ ਘਿਨਾਉਣੀ ਕਾਰਵਾਈ ਹੈ।
ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਸਿੱਖਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਨਾ ਹੋਵੇ।