ਜੂਨ 1984 ਦਾ ਘੱਲੂਘਾਰਾ ਵਿਸ਼ਵ ਧਰਮ ਇਤਿਹਾਸ ਵਿਚ ਕਰੂਰ ਕਾਰੇ ਵਜੋਂ ਰਹੇਗਾ ਯਾਦ- ਐਡਵੋਕੇਟ ਧਾਮੀ
ਅਮਰੀਕ ਸਿੰਘ
ਅੰਮ੍ਰਿਤਸਰ ਜੂਨ 6
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਮੌਕੇ ਸ਼ਹੀਦ ਹੋਏ ਸਿੰਘ, ਸਿੰਘਣੀਆਂ ਅਤੇ ਬੱਚਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਘੱਲੂਘਾਰੇ ਦੌਰਾਨ ਸਿੱਖ ਕੌਮ ਦੇ ਯੋਧਿਆਂ ਨੇ ਪੁਰਾਤਨ ਸਿੱਖ ਰਵਾਇਤਾਂ ਦੀ ਪਹਿਰੇਦਾਰੀ ਕੀਤੀ ਅਤੇ ਸ਼ਹਾਦਤਾਂ ਦੀ ਲੜੀ ਨੂੰ ਅੱਗੇ ਤੋਰਿਆ। ਘੱਲੂਘਾਰੇ ਸਬੰਧੀ ਸ਼ਹੀਦੀ ਸਮਾਗਮ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਕਦੇ ਵੀ ਆਪਣੇ ਗੁਰਧਾਮਾਂ ਦੀ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੀ ਅਤੇ ਚੜ੍ਹ ਕੇ ਆਏ ਦੁਸ਼ਮਣ ਨੂੰ ਸਿੱਖ ਕੌਮ ਨੇ ਹਮੇਸ਼ਾ ਹੀ ਮੂੰਹ ਤੋੜਵਾਂ ਜਵਾਬ ਦਿੱਤਾ। ਉਨ੍ਹਾਂ ਆਖਿਆ ਕਿ ਜੂਨ 1984 ਦਾ ਘੱਲੂਘਾਰਾ ਕਿਸੇ ਬਾਹਰੀ ਦੁਸ਼ਮਣ ਨੇ ਨਹੀਂ, ਬਲਕਿ ਆਪਣੇ ਹੀ ਦੇਸ਼ ਦੀ ਜਾਲਮ ਸਰਕਾਰ ਦਾ ਵਹਿਸ਼ੀਆਣਾ ਕਾਰਾ ਸੀ। ਇਹ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਕਾਰਵਾਈ ਸੀ, ਜਿਸ ਨੂੰ ਪੂਰੇ ਵਿਸ਼ਵ ਦੇ ਧਰਮ ਇਤਿਹਾਸ ਵਿਚ ਕਰੂਰ ਕਾਰੇ ਵਜੋਂ ਯਾਦ ਰੱਖਿਆ ਜਾਵੇਗਾ।