ਭਾਜਪਾ ਸਰਕਾਰ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ: ਹਰਸਿਮਰਤ ਕੌਰ ਬਾਦਲਗੁਰਸ਼ਰਨ ਸਿੰਘ ਸੰਧੂ ਚੰਡੀਗੜ੍ਹ, 6 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦ। ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ ਹੈ।ਸਰਦਾਰਨੀ ਹਰਸਿਮਰਤ ਕੌਰ ਬਾਦਲ ਇਥੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰ ਰਹੇ ਸਨ। ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਸਿੱਖ ਕੌਮ ਨਾਲ ਕੀਤੇ ਵਾਅਦੇ ਤੋਂ ਮੁਕਰ ਜਾਵੇ। ਉਹਨਾਂ ਕਿਹਾ ਕਿ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ ਇਕ ਆਮ ਉਮਰ ਕੈਦ ਨਾਲੋਂ ਦੁੱਗਣਾ 30 ਸਾਲ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਕੱਟ ਲਿਆ ਹੈ।ਸਰਦਾਰਨੀ ਬਾਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਦਿੱਲੀ ਦੀ ਆਪ ਸਰਕਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਹੋਣ ਦੇ ਬਾਵਜੂਦ ਉਹਨਾਂ ਨੂੰ ਰਿਹਾਅ ਕਰਨ ਤੋਂ ਇਨਕਾਰੀ ਹੈ। ਵੁਹਨਾਂ ਕਿਹਾ ਕਿ ਪ੍ਰੋ. ਭੁੱਲਰ ਨੂੰ ਰਿਹਾਅ ਕਰਨ ਦੇ ਹੁਕਮਾਂ ਦੀ ਫਾਈਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫਤਰ ਵਿਚ ਇਕ ਸਾਲ ਤੋਂ ਪਈ ਹੈ ਪਰ ਫਿਰ ਵੀ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਦਿੱਲੀ ਸਜ਼ਾ ਸਮੀਖਿਆ ਬੋਰਡ ਦੀ ਰਸਮੀ ਮਨਜ਼ੂਰੀ ਦੀ ਲੋੜ ਹੈ ਪਰ ਉਸਦੀ ਮੀਟਿੰਗ ਵਾਰ ਵਾਰ ਮੁਲਤਵੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਇਹ ਦੱਸਣ ਕਿ ਉਹ ਇਸ ਮਾਮਲੇ ’ਤੇ ਸਿੱਖ ਵਿਰੋਧੀ ਸਟੈਂਡ ਲੈ ਕੇ ਕੌਮ ਦੀਆਂ ਭਾਵਨਾਵਾਂ ਦੇ ਖਿਲਾਫ ਕਿਉਂ ਜਾ ਰਹੇ ਹਨ।ਸਰਦਾਰਨੀ ਬਾਦਲ ਨੇ ਕਿਹਾ ਕਿ ਉਹਨਾਂ ਦੀ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਨਾਲ ਬਹੁਤ ਨਤੀਜਾਮੁਖੀ ਮੀਟਿੰਗ ਹੋਈ ਹੈ। ਉਹਨਾਂ ਕਿਹਾ ਕਿ ਉਹ ਮਹਿਲਾ ਵਿੰਗ ਦੇ ਵਰਕਰਾਂ ਦੇ ਉਤਸ਼ਾਹ ਤੋਂ ਹੈਰਾਨ ਹਨ ਕਿਉਂਕਿ ਉਹ ਦਹਾਕਿਆਂ ਤੋਂ ਬਿਨਾਂ ਕਿਸੇ ਲੋਭ ਲਾਲਚ ਤੇ ਇਨਾਮਾਂ ਦੇ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ।ਸਰਦਾਰਨੀ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਲਿਆਉਣ ਵਿਚ ਮਹਿਲਾਵਾਂ ਦਾ ਵੱਡਾ ਰੋਲ ਹੈ। ਉਹਨਾਂ ਕਿਹਾ ਕਿਹੁਣ ਮਹਿਲਾਵਾਂ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਨਾਲ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸਤਰੀ ਅਕਾਲੀ ਦਲ ਦੇ ਵਰਕਰਾਂ ਨੇ ਕਿਹਾ ਕਿ ਉਹ ਕਾਂਗਰਸ ਤੇ ਆਪ ਦੋਵਾਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸਭ ਤੋਂ ਵੱਧ ਪ੍ਰਭਾਵਤ ਹੋਈਆਂ ਹਨ। ਉਹਨਾਂ ਕਿਹਾ ਕਿ ਵਰਕਰਾਂ ਨੇ ਫੈਸਲਾ ਲਿਆ ਹੈ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਦਾ ਟਾਕਰਾ ਕੀਤਾ ਜਾਵੇਗਾ ਤੇ ਉਹਨਾਂ ਨੂੰ ਸੂਬੇ ਦੀਆਂ ਔਰਤਾਂ ਨਾਲ ਕੀਤੇ ਵਾਅਦਿਆਂ ਬਾਰੇ ਸਵਾਲ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਹਨਾਂ ਵਾਅਦਿਆਂ ਵਿਚ ਨਸ਼ਾ ਖਤਮ ਕਰਨਾ ਤੇਸੂਬੇ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਸ਼ਾਮਲ ਹੈ।ਸਰਦਾਰਨੀ ਬਾਦਲ ਨੇ ਕਿਹਾ ਕਿ ਔਰਤਾਂ ਇਸ ਗੱਲ ਤੋਂ ਹੈਰਾਨ ਹਨ ਕਿ ਆਪ ਸਰਕਾਰ ਨੇ ਅਨੇਕਾਂ ਸਮਾਜ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਹਨ ਅਤੇ ਲਾਭਪਾਤਰੀਆਂ ਨੂੰ ਪਿਛਲੇ 9 ਮਹੀਨਿਆਂ ਦੇ ਬਕਾਏ ਨਹੀਂ ਮਿਲ ਰਹੇ ਤੇ ਇਹਨਾਂ ਸਕੀਮਾਂ ਵਿਚ ਆਸ਼ੀਰਵਾਦ ਸਕੀਮ ਵੀ ਸ਼ਾਮਲ ਹੈ।