Breaking News

ਮੋਰਚਾ ਗੁਰੂ ਕਾ ਬਾਗ ਦੇ ਤਿੰਨ ਦਿਨਾਂ ਸ਼ਤਾਬਦੀ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂ

ਮੋਰਚਾ ਗੁਰੂ ਕਾ ਬਾਗ ਦੇ ਤਿੰਨ ਦਿਨਾਂ ਸ਼ਤਾਬਦੀ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂ

ਪੁਰਖਿਆਂ ਵੱਲੋਂ ਸਿਰਜੇ ਇਤਿਹਾਸ ਤੋਂ ਪ੍ਰੇਰਣਾ ਲੈ ਕੇ ਨਵੀਂ ਪੀੜ੍ਹੀ ਨਿਰਧਾਰਤ ਕਰੇ ਜੀਵਨ ਸੇਧਾਂ- ਐਡਵੋਕੇਟ ਧਾਮੀ

ਅਮਰੀਕ ਸਿੰਘ
ਅੰਮ੍ਰਿਤਸਰ, 6 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੇ ਅਹਿਮ ਦਿਹਾੜੇ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਸ਼ੁਰੂਆਤ ਅੱਜ ਪੰਥਕ ਰਵਾਇਤਾਂ ਨਾਲ ਹੋਈ। ਅੰਮ੍ਰਿਤਸਰ ਦੇ ਕਸਬਾ ਘੁੱਕੇਵਾਲੀ ਵਿਖੇ ਸਥਿਤ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸ਼ਤਾਬਦੀ ਸਮਾਗਮਾਂ ਦੇ ਪਹਿਲੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਵੱਖ-ਵੱਖ ਸਿੱਖ ਮਿਸ਼ਨਰੀ ਕਾਲਜਾਂ ਦੇ 100 ਵਿਦਿਆਰਥੀਆਂ ਨੇ ਇੱਕੋ ਸਮੇਂ ਤੰਤੀ ਸਾਜ਼ਾਂ ਨਾਲ ਕੀਰਤਨ ਕਰਕੇ ਅਲੌਕਿਕ ਦ੍ਰਿਸ਼ ਸਿਰਜਿਆ ਅਤੇ ਇਸੇ ਦੌਰਾਨ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲਿਆਂ ਦਾ ਵੀ ਆਯੋਜਨ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ।
ਸ਼ਤਾਬਦੀ ਸਮਾਗਮਾਂ ਦੀ ਆਰੰਭਤਾ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਮੋਰਚਾ ਗੁਰੂ ਕਾ ਬਾਗ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਵਰਤਮਾਨ ਪੀੜ੍ਹੀ ਨੂੰ ਇਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸਿੱਖ ਕੌਮ ਦੇ ਇਤਿਹਾਸ ਅੰਦਰ ਸਾਕੇ ਅਤੇ ਮੋਰਚੇ ਖਾਸ ਮਹੱਤਵ ਰੱਖਦੇ ਹਨ, ਕਿਉਂਕਿ ਇਹ ਬਿਖੜੇ ਸਮਿਆਂ ਵਿਚ ਕੀਤੇ ਗਏ ਸਿੱਖ ਸੰਘਰਸ਼ ਦੀ ਕਹਾਣੀ ਬਿਆਨਦੇ ਹਨ। ਉਨ੍ਹਾਂ ਕਿਹਾ ਕਿ ਪੁਰਖਿਆਂ ਵੱਲੋਂ ਸਿਰਜੇ ਗਏ ਸਿੱਖ ਇਤਿਹਾਸ ਤੋਂ ਨਵੀਂ ਪੀੜ੍ਹੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ, ਤਾਂ ਜੋ ਸਿੱਖ ਕੌਮ ਮੌਜੂਦਾ ਤੇ ਭਵਿੱਖੀ ਚੁਣੌਤੀਆਂ ਦਾ ਮੁਕਾਬਲਾ ਇਤਿਹਾਸ ਦੀ ਰੌਸ਼ਨੀ ਵਿਚ ਕਰ ਸਕੇ। ਐਡਵੋਕੇਟ ਧਾਮੀ ਨੇ ਸਿੱਖ ਧਰਮ ਇਤਿਹਾਸ ਦੀਆਂ ਸ਼ਤਾਬਦੀਆਂ ਦੀ ਗੱਲ ਕਰਦਿਆਂ ਕਿਹਾ ਕਿ ਸ਼ਤਾਬਦੀ ਦਿਹਾੜੇ ਸਿੱਖ ਕੌਮ ਨੂੰ ਆਪਣਾ ਮੰਥਨ ਕਰਨ ਲਈ ਅਤਿ ਅਹਿਮ ਹੁੰਦੇ ਹਨ, ਕਿਉਂਕਿ ਇਨ੍ਹਾਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਸਿੱਖ ਕੌਮ ਮਿਲ ਬੈਠ ਕੇ ਆਪਣੇ ਇਤਿਹਾਸ ਦੇ ਪੰਨੇ ਫਰੋਲਦੀ ਹੈ। ਉਨ੍ਹਾਂ ਕਿਹਾ ਕਿ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਮੌਕੇ ਪਹਿਲਾਂ ਦਿਨ ਬੱਚਿਆਂ ਅਤੇ ਨੌਜੁਆਨਾਂ ਦੇ ਨਾਂ ਕਰਨ ਦਾ ਮੰਤਵ ਨਵੀਂ ਪੀੜ੍ਹੀ ਨੂੰ ਧਰਮ ਇਤਿਹਾਸ ਦੀ ਸੇਧ ਵਿਚ ਅੱਗੇ ਵਧਣ ਦੀ ਪ੍ਰੇਰਣਾ ਦੇਣਾ ਹੈ ਅਤੇ ਹਰ ਮਾਂ-ਬਾਪ ਦਾ ਵੀ ਫ਼ਰਜ਼ ਹੈ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਵਿਦਿਆ ਦੇ ਨਾਲ-ਨਾਲ ਸਿੱਖੀ ਬਾਰੇ ਵੀ ਜਾਗਰੂਕ ਜਰੂਰ ਕਰਨ।
ਇਸ ਮੌਕੇ ਐਡਵੋਕੇਟ ਧਾਮੀ ਨੇ ਸਿੱਖ ਬੰਦੀਆਂ ਨਾਲ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਧੱਕੇ ਦੀ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬਿਤਾਉਣ ਵਾਲੇ ਸਿੱਖਾਂ ਨਾਲ ਵਿਤਕਰਾ ਕਰਨਾ ਸਰਕਾਰਾਂ ਲਈ ਚੰਗਾ ਨਹੀਂ ਹੈ, ਕਿਉਂਕਿ ਸਿੱਖਾਂ ਨੇ ਹਮੇਸ਼ਾ ਹੀ ਦੇਸ਼ ਲਈ ਸੋਚਿਆ ਹੈ ਅਤੇ ਦੇਸ਼ ਖਾਤਰ ਕੁਰਬਾਨੀਆਂ ਦੇਣ ਤੋਂ ਸਿੱਖ ਕਦੇ ਪਿੱਛੇ ਨਹੀਂ ਹਟੇ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਬਿਨਾਂ ਦੇਰੀ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਸਬੰਧੀ 8 ਅਗਸਤ ਨੂੰ ਹੋਣ ਵਾਲੇ ਮੁੱਖ ਸਮਾਗਮ ਵਿਚ ਉਤਸ਼ਾਹ ਨਾਲ ਪਹੁੰਚਣ, ਤਾਂ ਜੋ ਮੋਰਚੇ ਦੇ ਸੰਘਰਸ਼ੀ ਸਿੱਖਾਂ ਨੂੰ ਭਰਵੀਂ ਹਾਜ਼ਰੀ ਨਾਲ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾ ਸਕੇ।
ਇਸੇ ਦੌਰਾਨ ਮੋਰਚਾ ਗੁਰੂ ਕਾ ਬਾਗ ਨਾਲ ਸਬੰਧਤ ਇਤਿਹਾਸ ਨੂੰ ਦਰਸਾਉਂਦੇ ਵੱਖ-ਵੱਖ ਚਿੱਤਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਪ੍ਰਤੀ ਸੰਗਤ ਨੇ ਖ਼ਾਸ ਰੁਚੀ ਦਿਖਾਈ। ਇਸ ਚਿੱਤਰ ਪ੍ਰਦਰਸ਼ਨੀ ਵਿਚ 65 ਤਸਵੀਰਾਂ ਪ੍ਰਦਰਸ਼ਤ ਕੀਤੀਆਂ ਗਈਆਂ, ਜੋ ਸ਼੍ਰੋਮਣੀ ਕਮੇਟੀ ਵੱਲੋਂ ਚਿੱਤਰਕਲਾ ਵਰਕਸ਼ਾਪ ਲਗਾ ਕੇ ਤਿਆਰ ਕਰਵਾਈਆਂ ਗਈਆਂ ਹਨ।
ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਮਨਜੀਤ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਕੁਲਦੀਪ ਸਿੰਘ ਤੇੜਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਬੀਬੀ ਸਰਵਨ ਕੌਰ ਤੇੜਾ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਚਰਨ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ, ਸ. ਪਰਮਜੀਤ ਸਿੰਘ ਦੁਨੀਆਮਾਜਰਾ, ਸ. ਕੁਲਦੀਪ ਸਿੰਘ ਰੋਡੇ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਬੀਬੀ ਸਤਵੰਤ ਕੌਰ ਡਿਪਟੀ ਡਾਇਰੈਕਟਰ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਮੈਨੇਜਰ ਸ. ਜਗਜੀਤ ਸਿੰਘ ਆਦਿ ਮੌਜੂਦ ਸਨ।

About Gursharan Singh Sandhu

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *