ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਸਰਕਾਰਾਂ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕਰ ਰਹੀਆਂ ਕਿਉਂਕਿ ਬਹੁਗਿਣਤੀ ਵੋਟ ਬੈਂਕ ਟੁੱਟਣ ਦਾ ਖਤਰਾ : ਜਥੇਦਾਰ
ਅਮਰੀਕ ਸਿੰਘ ਤੋਂ
ਅੰਮ੍ਰਿਤਸਰ 15 ਜੂਨ
ਸਿੱਖਾਂ ਦੇ 6ਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿੱਚ ਕਈ ਰਾਗੀ ਢਾਡੀ ਜਥਿਆਂ ਨੇ ਗੁਰਬਾਣੀ ਅਤੇ ਗੁਰ-ਇਤਿਹਾਸ ਦਾ ਕੀਰਤਨ ਕੀਤਾ।
ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸੰਗਤ ਨੂੰ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ ਅਤੇ ਗੁਰੂ ਹਰਗੋਬਿੰਦ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ ਹੈ।
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਰਕਾਰਾਂ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕਰ ਰਹੀਆਂ ਕਿਉਂਕਿ ਬਹੁਗਿਣਤੀ ਵੋਟ ਬੈਂਕ ਟੁੱਟਣ ਦਾ ਖਤਰਾ ਹੈ।
ਧਾਰਮਿਕ ਦੀਵਾਨ ਵਿੱਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਬੇਮਿਸਾਲ ਹੈ।
ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਉਸ ਵੇਲੇ ਦੀ ਸਰਕਾਰ ਵਿਰੁੱਧ ਚਾਰ ਜੰਗਾਂ ਲੜੀਆਂ ਅਤੇ ਜਿੱਤ ਪ੍ਰਾਪਤ ਕੀਤੀ।
ਉਨ੍ਹਾਂ ਕਿਹਾ ਕਿ ਉਸ ਸਮੇਂ ਲੋਕਾਂ ਦੇ ਮਨਾਂ ਵਿੱਚ ਇਹ ਵਿਸ਼ਵਾਸ ਸੀ ਕਿ ਇਸ ਜ਼ਾਲਮ ਮੁਗਲ ਹਕੂਮਤ ਨੂੰ ਕੋਈ ਨਹੀਂ ਹਰਾ ਸਕਦਾ ਪਰ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇਸ ਸਦੀਆਂ ਪੁਰਾਣੀ ਧਾਰਨਾ ਨੂੰ ਤੋੜ ਕੇ ਜ਼ੁਲਮ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ।