Breaking News

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਨਾਲ ਸਮੂਹਿਕ ਰੂਪ ’ਚ ਕੀਤਾ ਕੀਰਤਨਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ਼ਤਾਬਦੀ ਸਬੰਧੀ ਪਾਕਿਸਤਾਨ ਜਾਣ ਵਾਲੇ ਜਥੇ ’ਚੋਂ ਵੱਡੀ ਗਿਣਤੀ ਵੀਜ਼ੇ ਰੱਦ ਕਰਨ ’ਤੇ ਕੀਤਾ ਇਤਰਾਜ਼ਅ

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂ
ਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਨਾਲ ਸਮੂਹਿਕ ਰੂਪ ’ਚ ਕੀਤਾ ਕੀਰਤਨ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ਼ਤਾਬਦੀ ਸਬੰਧੀ ਪਾਕਿਸਤਾਨ ਜਾਣ ਵਾਲੇ ਜਥੇ ’ਚੋਂ ਵੱਡੀ ਗਿਣਤੀ ਵੀਜ਼ੇ ਰੱਦ ਕਰਨ ’ਤੇ ਕੀਤਾ ਇਤਰਾਜ਼


ਅਮਰੀਕ ਸਿੰਘ 
ਅੰਮ੍ਰਿਤਸਰ, 26 ਅਕਤੂਬਰ-
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਦੋ ਦਿਨਾਂ ਸਮਾਗਮਾਂ ਦੀ ਸ਼ੁਰੂਆਤ ਅੱਜ ਖਾਲਸਾਈ ਜਾਹੋ-ਜਲਾਲ ਨਾਲ ਹੋਈ। ਇਸ  ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇੇ ਸਿੱਖ ਮਿਸ਼ਨਰੀ ਕਾਲਜਾਂ ਤੇ ਗੁਰਮਤਿ ਵਿਦਿਆਲਿਆਂ ਦੇ ਵਿਦਿਆਰਥੀਆਂ ਨੇ ਸਮੂਹਿਕ ਰੂਪ ਵਿਚ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਕੇ ਅਲੌਕਿਕ ਦ੍ਰਿਸ਼ ਸਿਰਜਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸਕੂਲਾਂ ਕਾਲਜਾਂ ਦੇ ਵਿਦਿਆਰਥੀ ਮੌਜੂਦ ਸਨ। ਸਮਾਗਮਾਂ ਦੇ ਪਹਿਲੇ ਦਿਨ ਅੱਜ ਵੱਖ-ਵੱਖ ਅਦਾਰਿਆਂ ਦੇ ਵਿਦਿਆਰਥੀਆਂ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਇਤਿਹਾਸ ਨਾਲ ਸਬੰਧਤ ਭਾਸ਼ਣ, ਕਵਿਤਾ, ਕਵੀਸ਼ਰੀ ਅਤੇ ਢਾਡੀ ਵਾਰਾਂ ਰਾਹੀਂ ਹਾਜ਼ਰੀ ਭਰੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤਾਂ ਨੂੰ ਇਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸਿੱਖ ਕੌਮ ਦੇ ਇਤਿਹਾਸ ਅੰਦਰ ਸਾਕੇ ਅਤੇ ਮੋਰਚੇ ਖਾਸ ਮਹੱਤਵ ਰੱਖਦੇ ਹਨ, ਕਿਉਂਕਿ ਇਹ ਬਿਖੜੇ ਸਮਿਆਂ ਵਿਚ ਕੀਤੇ ਗਏ ਸਿੱਖ ਸੰਘਰਸ਼ ਦੀ ਕਹਾਣੀ ਬਿਆਨਦੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਹੀ ਸ਼ਤਾਬਦੀ ਸਮਾਗਮਾਂ ਦਾ ਪਹਿਲਾ ਦਿਨ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਸਿੱਖਾਂ ਵੱਲੋਂ ਆਪਣੀਆਂ ਸ਼ਹਾਦਤਾਂ ਦੇ ਕੇ ਸਿਰਜਿਆ ਗਿਆ ਇਤਿਹਾਸ ਸਿੱਖ ਕੌਮ ਦਾ ਹਾਸਲ ਹੈ, ਜਿਸ ਦੀ ਰੋਸ਼ਨੀ ਵਿਚ ਹੀ ਨਵੀਂ ਪੀੜ੍ਹੀ ਨੂੰ ਸਿੱਖੀ ਪ੍ਰਤੀ ਦ੍ਰਿੜ੍ਹਤਾ ਦੀ ਅਗਵਾਈ ਮਿਲਦੀ ਹੈ।
ਇਸ ਮੌਕੇ ਐਡਵੋਕੇਟ ਧਾਮੀ ਨੇ ਐਲਾਨ ਕੀਤਾ ਕਿ ਜਿਹੜੇ ਵੀ ਵਿਦਿਅਕ ਅਦਾਰੇ ਅੰਮ੍ਰਿਤ ਛਕੋ ਸਿੰਘ ਸਜੋ ਲਹਿਰ ਨੂੰ ਪ੍ਰਫੁੱਲਤ ਕਰਨ ਵਿਚ ਵਧੀਆ ਕਾਰਗੁਜਾਰੀ ਦਖਾਉਣਗੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਦਿੱਤਾ ਜਾਵੇਗਾ।
ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ 30 ਅਕਤੂਬਰ ਨੂੰ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਭੇਜੇ ਜਾਣ ਵਾਲੇ ਜਥੇ ਵਿਚੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨ ’ਤੇ ਸ਼ਖਤ ਇਤਰਾਜ ਪ੍ਰਗਟ ਕੀਤਾ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰੱਦ ਕੀਤੇ ਵੀਜ਼ਿਆਂ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ, ਰਾਗੀ ਜਥੇ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਸਮੇਤ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਕੀਤੇ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ’ਤੇ ਅਸਰ ਪਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ’ਤੇ ਮੁੜ ਗੌਰ ਹੋਵੇ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਸੂਚੀ ਦੇ ਸਾਰੇ ਮੈਂਬਰਾਂ ਨੂੰ ਵੀਜ਼ੇ ਜਾਰੀ ਕੀਤੇ ਜਾਣ।
ਇਸ ਮੌਕੇ ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਸਬੰਧੀ ਭਲਕੇ 27 ਅਕਤੂਬਰ ਨੂੰ ਹੋਣ ਵਾਲੇ ਮੁੱਖ ਸਮਾਗਮ ਵਿਚ ਉਤਸ਼ਾਹ ਨਾਲ ਪਹੁੰਚਣ, ਤਾਂ ਜੋ ਸਾਕੇ ਦੇ ਸੰਘਰਸ਼ੀ ਸਿੱਖਾਂ ਨੂੰ ਭਰਵੀਂ ਹਾਜ਼ਰੀ ਨਾਲ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾ ਸਕੇ।
ਇਸੇ ਦੌਰਾਨ ਧਾਰਮਿਕ ਪ੍ਰੀਖਿਆ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵਿਚੋਂ ਮੈਰਟ ਵਿਚ ਆਉਣ ਵਾਲੇ ਵਿਦਿਆਰਥੀਆਂ ਸਨਮਾਨਿਤ ਵੀ ਕੀਤਾ ਗਿਆ। ਸਮਾਗਮਾਂ ਦੌਰਾਨ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਨਾਲ ਸਬੰਧਤ ਇਤਿਹਾਸ ਨੂੰ ਦਰਸਾਉਂਦੇ ਵੱਖ-ਵੱਖ ਚਿੱਤਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਪ੍ਰਤੀ ਸੰਗਤ ਨੇ ਖ਼ਾਸ ਰੁਚੀ ਦਿਖਾਈ। ਇਸ ਤੋਂ ਇਲਾਵਾ ਵਿਸ਼ੇਸ਼ ਬੱਸ ਵਿਚ ਸ਼ੁਸੋਭਿਤ ਗੁਰੂ ਸਾਹਿਬਾਨ ਦੇ ਸ਼ਸਤਰਾਂ, ਬਸਤਰਾਂ ਦੇ ਸੰਗਤ ਨੇ ਦਰਸ਼ਨ ਕੀਤੇ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ ਸਤਬੀਰ ਸਿੰਘ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਪਰਮਜੀਤ ਸਿੰਘ, ਸ. ਕੁਲਦੀਪ ਸਿੰਘ ਰੋਡੇ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਡਾਇਰੈਕਟਰ ਸਿੱਖਿਆ ਬੀਬੀ ਸਤਵੰਤ ਕੌਰ, ਪ੍ਰਿੰ. ਮਨਜੀਤ ਕੌਰ, ਪ੍ਰਿੰ. ਰਾਜਪਾਲ ਸਿੰਘ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਵਰਿਆਮ ਸਿੰਘ ਸਮੇਤ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਪ੍ਰਿੰਸੀਪਲ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …