Breaking News

ਸ਼੍ਰੋਮਣੀ ਕਮੇਟੀ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕਰੇਗੀ- ਐਡਵੋਕੇਟ ਧਾਮੀ
ਵੱਖ-ਵੱਖ ਦੇਸ਼ਾਂ ਤੇ ਦਿੱਲੀ ਵਿਚ ਖੋਲ੍ਹੇ ਜਾਣਗੇ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ
ਭਾਰਤ ਸਰਕਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਐਲਾਨੇ-ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕਰੇਗੀ- ਐਡਵੋਕੇਟ ਧਾਮੀ
ਵੱਖ-ਵੱਖ ਦੇਸ਼ਾਂ ਤੇ ਦਿੱਲੀ ਵਿਚ ਖੋਲ੍ਹੇ ਜਾਣਗੇ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ
ਭਾਰਤ ਸਰਕਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਐਲਾਨੇ-ਐਡਵੋਕੇਟ ਧਾਮੀ


ਅਮਰੀਕ ਸਿੰਘ 
ਅੰਮ੍ਰਿਤਸਰ, 11 ਅਕਤੂਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਬੋਰਡ ਵੱਖ-ਵੱਖ ਦੇਸ਼ਾਂ ਦੇ ਸਿੱਖ ਨੁਮਾਇੰਦਿਆਂ ’ਤੇ ਅਧਾਰਿਤ ਹੋਵੇਗਾ, ਜੋ ਵਿਦੇਸ਼ਾਂ ’ਚ ਵੱਸਦੇ ਸਿੱਖਾਂ ਦੇ ਮਸਲਿਆਂ ਅਤੇ ਮੁਸ਼ਕਲਾਂ ਦੇ ਹੱਲ ਲਈ ਯਤਨ ਕਰੇਗਾ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਦਾ ਧਰਮ ਪ੍ਰਚਾਰ ਲਈ ਵੀ ਸਹਿਯੋਗ ਕਰੇਗਾ। ਇਹ ਫੈਸਲਾ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਸ ਇਕੱਤਰਤਾ ਦੌਰਾਨ ਵੱਖ-ਵੱਖ ਦੇਸ਼ਾਂ ਅੰਦਰ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਖੋਲ੍ਹਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। 
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕੱਤਰਤਾ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਪੂਰੀ ਦੁਨੀਆਂ ਵਿਚ ਵੱਸੇ ਹੋਏ ਹਨ ਅਤੇ ਇਹ ਰੁਝਾਨ ਹੋਰ ਤੇਜ਼ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਿਸ਼ਵ ਵਿਆਪੀ ਸਿੱਖ ਮਸਲਿਆਂ ਦੀ ਬੇਹਤਰ ਪੈਰਵਾਈ ਲਈ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਸਥਾਪਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਅੰਦਰ ਸ਼੍ਰੋਮਣੀ ਕਮੇਟੀ ਆਪਣੇ ਦਫ਼ਤਰ ਵੀ ਬਣਾਏਗੀ, ਤਾਂ ਜੋ ਸਥਾਨਕ ਪੱਧਰ ’ਤੇ ਸਿੱਖ ਸੰਗਤਾਂ ਨਾਲ ਸਿੱਧੇ ਤੌਰ ’ਤੇ ਸੌਖਿਆਂ ਰਾਬਤਾ ਕਾਇਮ ਕੀਤਾ ਜਾ ਸਕੇ। ਉਨ੍ਹਾਂ ਆਖਿਆ ਕਿ ਵੱਖ-ਵੱਖ ਦੇਸ਼ਾਂ ਅੰਦਰ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬ ਸਥਾਪਤ ਕਰਕੇ ਉਨ੍ਹਾਂ ’ਚ ਉੱਪ ਦਫ਼ਤਰ ਬਣਾਏਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੀਤੇ ਸਮੇਂ ’ਚ ਯੂਬਾ ਸਿਟੀ ਅਮਰੀਕਾ ’ਚ ਪਹਿਲਾਂ ਹੀ ਕਾਰਵਾਈ ਆਰੰਭੀ ਹੋਈ ਹੈ, ਜਿਸ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਹੋਰਨਾਂ ਦੇਸ਼ਾਂ ’ਚ ਵੀ ਉੱਪ ਦਫ਼ਤਰ ਸਥਾਪਤ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ ਅੰਦਰ ਵੀ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬ ਬਣਾ ਕੇ ਉਥੇ ਵੀ ਉੱਪ ਦਫ਼ਤਰ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਦਿੱਲੀ ਅੰਦਰ ਇਕ ਗੁਰਦੁਆਰਾ ਸਾਹਿਬ ਬਣਾਇਆ ਜਾਵੇਗਾ, ਜਿਸ ਵਿਚ ਸਰਾਂਵਾਂ ਦਾ ਵੀ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਅੰਦਰ ਸਿੱਖ ਮਸਲਿਆਂ ਨੂੰ ਕੇਂਦਰ ਸਰਕਾਰ ਤੱਕ ਪੁਖਤਗੀ ਨਾਲ ਪਹੁੰਚਾਉਣ ਲਈ ਸਥਾਨਕ ਪੱਧਰ ’ਤੇ ਬਣਾਇਆ ਜਾਣ ਵਾਲਾ ਦਫ਼ਤਰ ਸੇਵਾਵਾਂ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿਖੇ ਸਿੱਖ ਮਿਸ਼ਨ ਕਾਰਜਸ਼ੀਲ ਹੈ, ਜੋ ਸਿੱਖੀ ਪ੍ਰਚਾਰ ਦੇ ਕਾਰਜ ਕਰ ਰਿਹਾ ਹੈ।
ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੇ ਸਾਲ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦਸਵੇਂ ਪਾਤਸ਼ਾਹ ਜੀ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ, ਪਰੰਤੂ ਇਸ ’ਤੇ ਸ਼੍ਰੋਮਣੀ ਕਮੇਟੀ ਦੇ ਇਤਰਾਜ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਨੇ ਇਸ ਦਾ ਨਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਸੁਝਾਇਆ ਹੈ। ਸ਼੍ਰੋਮਣੀ ਕਮੇਟੀ ਸਬ-ਕਮੇਟੀ ਦੇ ਸਝਾਅ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਭਾਰਤ ਸਰਕਾਰ ਨੂੰ ਪੱਤਰ ਭੇਜ ਕੇ ਨਾਂ ਬਦਲਣ ਲਈ ਆਖੇਗੀ।
ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਜਿਥੇ ਗੁਰਦੁਆਰਾ ਸਾਹਿਬਾਨ ਅਤੇ ਵੱਖ-ਵੱਖ ਅਦਾਰਿਆਂ ਦੇ ਮਸਲਿਆਂ ਨੂੰ ਵਿਚਾਰਿਆ ਗਿਆ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 4 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰ, ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਸ. ਪਾਲ ਸਿੰਘ ਪੁਰੇਵਾਲ ਅਤੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਦੇ ਅਕਾਲ ਚਲਾਣੇ ’ਤੇ ਸ਼ੋਕ ਮਤੇ ਪੜ੍ਹ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਦੌਰਾਨ ਐਡਵੋਕੇਟ ਧਾਮੀ ਨੇ ਬੀਤੇ ਕੱਲ੍ਹ ਕੱਥੂਨੰਗਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਨੂੰ ਮੰਦਭਾਗਾ ਕਰਾਰ ਦਿੰਦਿਆਂ ਦੋਸ਼ੀਆਂ ਖਿਲਾਫ ਸਰਕਾਰ ਪਾਸੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਮੈਨੇਜਰ ਨੇ ਸਥਾਨਕ ਪੁਲਿਸ ਥਾਣੇ ਵਿਚ ਐਫਆਈਆਰ ਦਰਜ਼ ਕਰਵਾ ਦਿੱਤੀ ਹੈ, ਜਿਸ ਤਹਿਤ ਪੁਲਿਸ ਪ੍ਰਸ਼ਾਸਨ ਨੂੰ ਕਾਰਵਾਈ ਕਰਦਿਆਂ ਬੇਅਦਬੀ ਦੇ ਯਤਨ ਕਰਨ ਵਾਲੇ ਲੋਕਾਂ ਖਿਲਾਫ ਕਰੜੀ ਕਾਰਵਾਈ ਕਰਨ ਦੇ ਨਾਲ-ਨਾਲ ਘਟਨਾ ਪਿੱਛੇ ਕੰਮ ਕਰਦੇ ਅਸਲ ਦੋਸ਼ੀਆਂ ਨੂੰ ਵੀ ਸਾਹਮਣੇ ਲਿਆਉਣਾ ਚਾਹੀਦਾ ਹੈ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕੰਗ, ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਨਿਰਵੈਲ ਸਿੰਘ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਗੁਰਨਾਮ ਸਿੰਘ, ਸ. ਅਜ਼ਾਦਦੀਪ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਰਜਵੰਤ ਸਿੰਘ, ਸ. ਤਰਸੇਮ ਸਿੰਘ, ਐਸਡੀਓ ਸ. ਜਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।


About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …