Breaking News

ਸ਼੍ਰੋਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾਵੇਗੀ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ

ਸ਼੍ਰੋਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾਵੇਗੀ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ

ਅਮਰੀਕ ਸਿੰਘ 

ਅੰਮ੍ਰਿਤਸਰ, 4 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ ਆਰੰਭਤਾ ਦੇ 150 ਸਾਲਾ ਸ਼ਤਾਬਦੀ ਸਮਾਗਮਾਂ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੋ ਦਿਨਾਂ ਸਮਾਗਮ ਕੀਤੇ ਜਾਣਗੇ। ਇਸ ਸਬੰਧੀ ਮੁੱਖ ਸਮਾਗਮ 1 ਅਕਤੂਬਰ 2023 ਨੂੰ ਹੋਵੇਗਾ, ਜਿਸ ਵਿਚ ਪੰਥ ਦੀ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਇਸ ਸ਼ਤਾਬਦੀ ਦੇ ਸਬੰਧ ਵਿਚ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਦੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਹੋਏ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਕੱਤਰਤਾ ਮਗਰੋਂ ਦੱਸਿਆ ਕਿ ਸਿੰਘ ਸਭਾ ਲਹਿਰ ਨੇ ਸਿੱਖ ਧਰਮ ਨੂੰ ਦਰਪੇਸ਼ ਚੁਣੌਤੀਆਂ ਦਾ ਕਰੜਾ ਮੁਕਾਬਲਾ ਕਰਦਿਆਂ ਕੌਮ ਦੀ ਮੌਲਿਕ ਰਵਾਇਤਾਂ ਅਤੇ ਧਰਮ ਇਤਿਹਾਸ ਦੀ ਰੌਸ਼ਨੀ ਵਿਚ ਇਕ ਜ਼ੋਰਦਾਰ ਹਾਜ਼ਰੀ ਦਰਜ ਕਰਵਾਈ ਸੀ। ਇਸ ਦੀ ਸਥਾਪਨਾ 1873 ਈ: ਵਿਚ ਉਸ ਵਕਤ ਹੋਈ, ਜਦੋਂ ਸਿੱਖਾਂ ਦੇ ਧਰਮ ਪਰਵਰਤਨ ਦੇ ਨਾਲ-ਨਾਲ ਸਿੱਖ ਸਿਧਾਂਤਾਂ ’ਤੇ ਹਮਲੇ ਸਾਹਮਣੇ ਆਏ ਸਨ। ਉਨ੍ਹਾਂ ਕਿਹਾ ਕਿ ਸਿੰਘ ਸਭਾ ਲਹਿਰ ਨੇ ਸਿੱਖ ਸਮਾਜ ਵਿਚ ਧਾਰਮਿਕ ਸੁਧਾਰ ਕਰਨ ਦੇ ਨਾਲ-ਨਾਲ ਨਵੀਂ ਸੱਭਿਆਚਾਰਕ ਚੇਤਨਾ ਲਿਆਂਦੀ ਅਤੇ ਜ਼ੋਰਦਾਰ ਤਰੀਕੇ ਨਾਲ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਕਾਰਜ ਕੀਤੇ। ਸਿੰਘ ਸਭਾ ਲਹਿਰ ਦੇ ਆਗੂਆਂ ਨੇ ਕੌਮ ਨੂੰ ਧਾਰਮਿਕ ਅਤੇ ਵਿਦਿਅਕ ਪੱਖ ਤੋਂ ਜਾਗਰੂਕ ਕੀਤਾ ਅਤੇ ਸਿੱਖ ਧਰਮ ’ਤੇ ਹਮਲੇ ਕਰਨ ਵਾਲਿਆਂ ਨੂੰ ਮੂੰਹਤੋੜ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸ਼ਾਨਾਮੱਤੀ ਸਿੱਖ ਚੇਤਨਾ ਨੂੰ ਸਮਰਪਤ 150 ਸਾਲਾ ਸ਼ਤਾਬਦੀ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਜਾਹੋ-ਜਲਾਲ ਨਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿੰਘ ਸਭਾ ਲਹਿਰ ਦੇ ਇਕ ਮਜ਼ਬੂਤ ਅੰਗ ਵੱਲੋਂ ਸ੍ਰੀ ਗੁਰੂ ਸਿੰਘ ਸਭਾਵਾਂ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ ਅਤੇ ਨਿਰੰਤਰ ਪੰਥਕ ਕਾਰਜਾਂ ਵਿਚ ਜੁਟੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਮੌਕੇ ਸਿੰਘ ਸਭਾਵਾਂ ਦੀ ਭਰਵੀਂ ਸ਼ਮੂਲੀਅਤ ਦੇ ਨਾਲ-ਨਾਲ ਵੱਖ-ਵੱਖ ਜਥੇਬੰਦੀਆਂ ਦਾ ਵੀ ਸਹਿਯੋਗ ਲਿਆ ਜਾਵੇਗਾ। ਭਾਈ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ ਸ਼ਤਾਬਦੀ ਦੇ ਸਮਾਗਮ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੋ ਦਿਨਾਂ ਗੁਰਮਤਿ ਸਮਾਗਮ ਕੀਤੇ ਜਾਣਗੇ। ਇਹ ਸਮਾਗਮ 30 ਸਤੰਬਰ ਅਤੇ 1 ਅਕਤੂਬਰ 2023 ਨੂੰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆ ਵਿਚ ਪੰਜ ਅੰਤਰਰਾਸ਼ਟਰੀ ਸੈਮੀਨਾਰ ਕਰਵਾਏ ਜਾਣਗੇ। ਸ਼ਤਾਬਦੀ ਸਮਾਗਮ ਸਮੇਂ ਇਤਿਹਾਸ ਨੂੰ ਰੂਪਮਾਨ ਕਰਦੀ ਵਿਸ਼ਾਲ ਚਿੱਤਰਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸੁਪਰਵਾਈਜ਼ਰ ਸ. ਜਸਪਾਲ ਸਿੰਘ ਢੱਡੇ ਵੀ ਮੌਜੂਦ ਸਨ।

_____________________

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …