Breaking News

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਾਲਾਨਾ ਵਜੀਫੇ ਰਹਿਣਗੇ ਜਾਰੀ, ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਦਾ ਹੋਵੇਗਾ ਪ੍ਰਬੰਧ 

ਗੁਰਦੁਆਰਾ ਸਾਹਿਬਾਨ ’ਚ ਸੀਮਤ ਕੀਤੀ ਜਾਵੇਗੀ ਸਿਰੋਪਾਓ ਦੀ ਵਰਤੋਂ- ਐਡਵੋਕੇਟ ਧਾਮੀ
  ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਾਲਾਨਾ ਵਜੀਫੇ ਰਹਿਣਗੇ ਜਾਰੀ, ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਦਾ ਹੋਵੇਗਾ ਪ੍ਰਬੰਧ 
ਅਮਰੀਕ ਸਿੰਘ

ਅੰਮ੍ਰਿਤਸਰ, 4 ਜੂਨ-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵਿਦਿਅਕ ਅਦਾਰਿਆਂ ਵਿਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਾਲਾਨਾ ਵਜੀਫਾ ਰਾਸ਼ੀ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਛੱਤੀਸਗੜ੍ਹ, ਆਂਧਰਾ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸੂਬਿਆਂ ਵਿਚ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀਆਂ ਸਕੂਲ ਫੀਸਾਂ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਨੌਜੁਆਨੀ ਨੂੰ ਸਿੱਖ ਵਿਰਸੇ ਅਤੇ ਪਛਾਣ ਨਾਲ ਜੋੜੀ ਰੱਖਣ ਦੇ ਮੰਤਵ ਨਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਹਰ ਸਾਲ ਵਜ਼ੀਫੇ ਦਿੱਤੇ ਜਾਂਦੇ ਹਨ, ਜਿਸ ਦੀ ਲਗਾਤਾਰਤਾ ਬਰਕਰਾਰ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਵਿਦਿਅਕ ਸੈਸ਼ਨ ਵਿਚ ਛੇਵੀਂ ਤੋਂ ਦੱਸਵੀਂ ਪੱਧਰ ਤੱਕ 3500 ਰੁਪਏ, ਗਿਆਰ੍ਹਵੀਂ ਤੋਂ ਬਾਰ੍ਹਵੀਂ ਤੱਕ 5000 ਰੁਪਏ, ਗ੍ਰੈਜੂਏਟ ਪੱਧਰ ਲਈ 8000 ਅਤੇ ਪੋਸਟ ਗ੍ਰੈਜੂਏਟ ਲਈ 10000 ਰੁਪਏ ਸਾਲਾਨਾ ਵਜੀਫਾ ਰਾਸ਼ੀ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ।

 ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਲਈ ਵੀ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੀ ਹੈ, ਜਿਸ ਤਹਿਤ ਇਸ ਸਾਲ ਵੀ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਪੜ੍ਹਦੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਅਦਾ ਕੀਤੀਆਂ ਜਾਣਗੀਆਂ। ਇਸ ਤਹਿਤ ਛੱਤੀਸਗੜ੍ਹ, ਆਂਧਰਾ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 150 ਤੋਂ ਵਧੇਰੇ ਬੱਚਿਆਂ ਨੂੰ ਫੀਸਾਂ ਦੀ ਸਹੂਲਤ ਦਿੱਤੀ ਜਾਵੇਗੀ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਗੁਰੂ ਘਰਾਂ ਅੰਦਰ ਸਿਰੋਪਾਓ ਦੀ ਵਰਤੋਂ ਸੀਮਤ ਕਰਨ ਲਈ ਵੀ ਅੰਤ੍ਰਿੰਗ ਕਮੇਟੀ ਨੇ ਵਿਚਾਰ ਕੀਤਾ ਹੈ। ਇਸ ਤਹਿਤ ਭਵਿੱਖ ਵਿਚ ਗੁਰਦੁਆਰਾ ਸਾਹਿਬਾਨ ਅੰਦਰ ਦਰਬਾਰ ਵਿਚ ਸਿਰੋਪਾਓ ਲਈ ਨਿਯਮ ਬਣਾਏ ਜਾਣਗੇ, ਜਿਸ ਵਿਚ ਪੰਥਕ ਰਵਾਇਤਾਂ ਲਾਗੂ ਕੀਤੀਆਂ ਜਾਣਗੀਆਂ।

 ਉਨ੍ਹਾਂ ਦੱਸਿਆ ਕਿ ਗੁਰੂ ਘਰਾਂ ਵਿਚ ਪੁੱਜਦੀਆਂ ਅਹਿਮ ਸ਼ਖ਼ਸੀਅਤਾਂ ਨੂੰ ਗੁਰਦੁਆਰਾ ਸਾਹਿਬਾਨ ’ਚ ਗੁਰੂ ਦਰਬਾਰ ਦੀ ਥਾਂ ਪ੍ਰਬੰਧਕੀ ਦਫ਼ਤਰਾਂ ਵਿਚ ਸਨਮਾਨ ਦਿੱਤਾ ਜਾਇਆ ਕਰੇਗਾ। ਬਹੁਤਾਤ ਵਿਚ ਸਿਰੋਪਾਓ ਦੇ ਵਰਤੋਂ ਨੂੰ ਸੰਕੋਚਿਆ ਜਾਵੇਗਾ।

ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਜੋਗਿੰਦਰ ਸਿੰਘ ਪੰਜਰਥ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ ਅਤੇ ਪਾਕਿਸਤਾਨ ’ਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਦੋ ਦੁਕਾਨਦਾਰ ਸ. ਰਣਜੀਤ ਸਿੰਘ ਤੇ ਸ. ਕੁਲਜੀਤ ਸਿੰਘ ਸਬੰਧੀ ਸ਼ੋਕ ਮਤੇ ਪਾ ਕੇ ਸ਼ਰਧਾਜਲੀ ਭੇਟ ਕੀਤੀ ਗਈ ਹੈ।  

ਇਸ ਦੌਰਾਨ ਐਡਵੋਕੇਟ ਧਾਮੀ ਨੇ ਪੰਜਾਬ ਵਿਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਨੂੰ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵੱਲ ਧਿਆਨ ਦੇਣ ਲਈ ਕਿਹਾ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਸਿੰਘ ਸਾਹਿਬਾਨ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਸਮਰੱਥ ਹੈ ਅਤੇ ਸਰਕਾਰ ਵੱਲੋਂ ਸੁਰੱਖਿਆ ਕਰਮੀ ਹਟਾਉਣ ਤੋਂ ਬਾਅਦ ਇਸ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ। ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੇਂਦਰ ਵੱਲੋਂ ਜੈੱਡ ਸੁਰੱਖਿਆ ਬਾਰੇ ਆਖਿਆ ਕਿ ਸਿੰਘ ਸਾਹਿਬ ਨੇ ਇਸ ਦਾ ਜਵਾਬ ਬੀਤੇ ਕੱਲ੍ਹ ਦੇ ਦਿੱਤਾ ਸੀ, ਜੋ ਪੰਥਕ ਰਵਾਇਤਾਂ ਅਨੁਸਾਰ ਬਿਲਕੁਲ ਦਰੁੱਸਤ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨਾਲ ਤਿਆਰ-ਬਰ-ਤਿਆਰ ਸਿੰਘਾਂ ਦਾ ਜਥਾ ਹੀ ਪੰਥਕ ਰਵਾਇਤਾਂ ਦੇ ਅਨੁਕੂਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਘੱਲੂਘਾਰਾ ਹਫਤੇ ਦੇ ਮੱਦੇਨਜ਼ਰ ਸਰਕਾਰ ਵੱਲੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰਨ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਅਜਿਹਾ ਕਰਕੇ ਸਰਕਾਰ ਮਾਹੌਲ ਵਿਚ ਡਰ ਅਤੇ ਦਹਿਸ਼ਤ ਪੈਦਾ ਕਰ ਰਹੀ ਹੈ, ਜਦਕਿ ਇਹ ਦਿਹਾੜਾ ਸਿੱਖ ਕੌਮ ਲਈ ਬੇਹੱਦ ਸੰਜੀਦਾ ਅਤੇ ਪੀੜਾਮਈ ਹੁੰਦਾ ਹੈ। ਹਰ ਸਾਲ ਘੱਲੂਘਾਰਾ ਦਿਵਸ ਮੌਕੇ ਕੌਮ ਸ਼ਹੀਦਾਂ ਨੂੰ ਯਾਦ ਕਰਨ ਲਈ ਪੁੱਜਦੀ ਹੈ, ਲਿਹਾਜ਼ਾ ਸਰਕਾਰ ਨੂੰ ਇਸ ਮੌਕੇ ਨੂੰ ਭਿਆਨਕ ਬਣਾ ਕੇ ਨਹੀਂ ਪੇਸ਼ ਕਰਨਾ ਚਾਹੀਦਾ। 

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ, ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਗੁਰਨਾਮ ਸਿੰਘ, ਸ. ਲਖਬੀਰ ਸਿੰਘ, ਸ. ਤਰਸੇਮ ਸਿੰਘ ਆਦਿ ਮੌਜੂਦ ਸਨ।

amrik Singh punjabnewsexpress
com

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *