ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਬਾਰੇ ਸੁਪਰੀਮ ਕੋਰਟ ਵਿਚ ਸਟੈਂਡ ਬਦਲਣ ਦੀ ਕੀਤੀ ਨਿਖੇਧੀਕਿਹਾ ਕਿ ਭਾਜਪਾ ਦੱਸੇ ਕਿ ਉਸਨੇ ਸਿੱਖ ਵਿਰੋਧੀ ਕਦਮ ਕਿਉਂ ਚੁੱਕਿਆਗੁਰਸ਼ਰਨ ਸਿੰਘ ਸੰਧੂਚੰਡੀਗੜ੍ਹ, 2 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਮਾਮਲੇ ਦੀ ਸੁਣਵਾਈ ਦੌਰਾਨ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਸਟੈਂਡ ਬਦਲਣ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਨਾਲ ਦੁਨੀਆਂ ਭਰ ਵਿਚ ਬੈਠੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀਜਨਕ ਤੇ ਨਿੰਦਣਯੋਗ ਗੱਲ ਹੈ ਕਿ ਕੇਂਦਰ ਸਰਕਾਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ 2019 ਵਿਚ ਕੀਤੇ ਇਕਰਾਰ ਮੁਤਾਬਕ 9 ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਵਾਅਦੇ ਤੋਂ ਭੱਜ ਗਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ 8 ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਮਗਰੋਂ ਉਹਨਾਂ ਦੀ ਰਿਹਾਈ ਦਾ ਵੀ ਰਾਹ ਪੱਧਰਾ ਹੋ ਗਿਆ ਸੀ ਤੇ ਇਸਦਾ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਸੀ।ਕੇਂਦਰ ਸਰਕਾਰ ਵੱਲੋਂ ਅੱਜ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਦਾਇਰ ਕਰ ਕੇ ਭਾਈ ਰਾਜੋਆਣਾ ਦੀ ਰਿਹਾਈ ਨੂੰ ਕੌਮੀ ਸੁਰੱਖਿਆ ਲਈ ਖ਼ਤਰਾ ਦੱਸਣ ਦੇ ਹਲਫੀਆ ਬਿਆਨ ਦੀ ਗੱਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਭ ਤੋਂ ਬੇਤੁਕੀ ਤੇ ਜ਼ਮੀਨੀ ਹਕੀਕਤਾਂ ਦੇ ਉਲਟ ਦਲੀਲ ਹੈ। ਉਹਨਾਂ ਕਿਹਾ ਕਿ ਇਹ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਵੀ ਉਲਟ ਹੈ ਜੋ ਬੰਦੀ ਸਿੰਘਾਂ ਦੀ ਛੇਤੀ ਰਿਹਾਈ ਚਾਹੁੰਦੀ ਹੈ। ਉਹਨਾਂ ਕਿਹਾ ਕਿ ਭਾਈ ਰਾਜੋਆਣਾ ਨੇ ਬਿਨਾਂ ਕਿਸੇ ਪੈਰੋਲ ਦੇ ਦੁੱਗਣੀ ਉਮਰ ਕੈਦ ਕੱਟ ਲਈ ਹੈ ਤੇ ਉਹਨਾਂ ਨੂੰ ਹੋਰ ਸਮੇਂ ਤੱਕ ਜੇਲ੍ਹ ਵਿਚ ਰੱਖਣਾ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।ਸਰਦਾਰ ਬਾਦਲ ਨੇ ਭਾਜਪਾ ਨੂੰ ਆਖਿਆਕਿ ਉਹ ਦੱਸੇ ਕਿ ਉਸਨੇ ਇਹ ਸਿੱਖ ਵਿਰੋਧੀ ਕਦਮ ਕਿਉਂ ਚੁੱਕਿਆ ਹੈ। ਉਹਨਾਂ ਕਿਹਾ ਕਿ ਇਸੇ ਸਰਕਾਰ ਨੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲ ਕੇ ਉਹਨਾਂ ਦੀ ਰਿਹਾਈ ਦਾ ਰਾਹ ਖੋਲ੍ਹਿਆ ਸੀ। ਉਹਨਾਂ ਕਿਹਾ ਕਿ ਭਾਜਪਾ ਦੱਸੇ ਕਿ 2019 ਤੋਂ ਬਾਅਦ ਹੁਣ ਤੱਕ ਕੀ ਬਦਲ ਗਿਆ ਹੈ। ਉਹਨਾਂ ਕਿਹਾ ਕਿ ਸਿਰਫ ਇਹੀ ਬਦਲਾਅ ਹੋਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਸੀ ਤੇ ਉਹ ਐਨ ਡੀ ਏ ਸਰਕਾਰ ਦਾ ਹਿੱਸਾ ਸੀ, ਤੇ ਉਸਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕੰਮ ਕੀਤਾ। ਉਹਨਾਂ ਕਿਹਾ ਕਿ ਗਠਜੋੜ ਟੁੱਟਣ ਨਾਲ ਬੰਦੀ ਸਿੰਘਾਂ ਦੀ ਰਿਹਾਈ ਵਿਚ ਕੋਈ ਫਰਕ ਨਹੀਂ ਪੈਣਾ ਚਾਹੀਦਾ ।