fbpx
Breaking News

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅਮਰੀਕ   ਸਿੰਘ 

ਅੰਮ੍ਰਿਤਸਰ, 27 ਅਪ੍ਰੈਲ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਧਰਮ ਦੀ ਰਖਵਾਲੀ ਲਈ ਉਦਾਹਰਣ ਹੈ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।
ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ, ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਰਾਮਸਰ ਰੋਡ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅੱਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਢਾਬ ਬਸਤੀ ਰਾਮ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ ਤੇ ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 29 ਅਪ੍ਰੈਲ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਸ ਦੇ ਭੋਗ 29 ਅਪ੍ਰੈਲ 2024 ਨੂੰ ਸਵੇਰੇ 7 ਵਜੇ ਪਾਏ ਜਾਣਗੇ। ਭੋਗ ਉਪਰੰਤ ਹੁਕਮਨਾਮੇ ਦੀ ਕਥਾ ਹੋਵੇਗੀ ਅਤੇ ਦੁਪਹਿਰ 2 ਵਜੇ ਤੋਂ ਲੈ ਰਾਤ 11 ਵਜੇ ਤੀਕ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਅਤੇ ਵਿਦਵਾਨ ਹਾਜ਼ਰੀ ਭਰਨਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਜਾਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਸ. ਗੁਰਨਾਮ ਸਿੰਘ ਜੱਸਲ, ਸ. ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਗੁਰਤਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

About Gursharan Singh Sandhu

Check Also

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਅਤੇ ਸਰਬੱਤ ਦੇ ਭਲੇ ਦੇ ਸਿਧਾਂਤ ਅਨੁਸਾਰ ਪੰਜਾਬੀਆਂ ਦੇ ਹਾਲਾਤ ਸੁਧਾਰਣ ਲਈ ਤਾਕਤ ਦੇਣ ਵਾਸਤੇ ਕੀਤੀ ਅਰਦਾਸ

Amritsar Crime Latest News National Politics Punjab Uncategorized World ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ …

Translate »