ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਜਥੇ ਨਾਲ ਹੋਈ ਲੁੱਟ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅਮਰੀਕ ਸਿੰਘ
ਅੰਮ੍ਰਿਤਸਰ, 1 ਦਸੰਬਰ-
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਲਾਹੌਰ ਵਿਖੇ ਹੋਈ ਲੁੱਟ ਖੋਹ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਅਤੇ ਪ੍ਰਸ਼ਾਸਨ ਦੀ ਜੁੰਮੇਵਾਰੀ ਹੈ ਕਿ ਜਥੇ ਵਿਚ ਗਏ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਂਦੇ ਹਨ, ਪ੍ਰੰਤੂ ਅਜਿਹੀ ਘਟਨਾ ਨਾਲ ਉਨ੍ਹਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜਦੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਘਟਨਾ ਨਾਲ ਸਬੰਧਤ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ, ਤਾਂ ਜੋ ਸਿੱਖ ਪਰਿਵਾਰ ਨੂੰ ਇਨਸਾਫ਼ ਮਿਲੇ ਅਤੇ ਭਵਿੱਖ ਵਿਚ ਵੀ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਵਾਉਣ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ।