ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਲਈ ਕਮਰਿਆਂ ਦੇ ਨਵੀਨੀਕਰਨ ਦੀ ਸੇਵਾ ਮੁਕੰਮਲਅਮਰੀਕ ਸਿੰਘਅੰਮ੍ਰਿਤਸਰ, 3 ਅਗਸਤ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਲੋਂ ਸ਼ਰਧਾ ਨਾਲ ਕਰਵਾਏ ਜਾਂਦੇ ਸ੍ਰੀ ਅਖੰਡ ਪਾਠ ਸਾਹਿਬ ਲਈ ਕਮਰਿਆਂ ਦੇ ਕੀਤੇ ਜਾ ਰਹੇ ਨਵੀਨੀਕਰਨ ਦੀ ਸੇਵਾ ਤਹਿਤ ਅੱਜ ਤਿੰਨ ਕਮਰੇ ਸੰਗਤ ਅਰਪਣ ਕੀਤੇ ਗਏ। ਇਸ ਤੋਂ ਪਹਿਲਾਂ 51 ਕਮਰਿਆਂ ਦੀ ਸੇਵਾ ਮੁਕੰਮਲ ਹੋ ਚੁੱਕੀ ਹੈ। ਕਮਰਿਆਂ ਨੂੰ ਸੰਗਤ ਅਰਪਣ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ. ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਵਾਲੇ ਕਮਰਿਆਂ ਦੇ ਨਵੀਨੀਕਰਨ ਦੀ ਸੇਵਾ ਆਰੰਭੀ ਸੀ, ਜੋ ਸਤਿਗੁਰੂ ਦੀ ਰਹਿਮਤ ਸਦਕਾ ਅੱਜ ਮੁਕੰਮਲ ਹੋਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਾਲੀ ਸਾਈਡ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਾਲੇ ਪਾਸੇ ਸ੍ਰੀ ਅਖੰਡ ਪਾਠ ਸਾਹਿਬ ਵਾਲੇ ਸਾਰੇ ਕਮਰਿਆਂ ਨੂੰ ਸੁੰਦਰ ਦਿੱਖ ਦਿੱਤੀ ਗਈ ਹੈ, ਜਿਥੇ ਸੰਗਤਾਂ ਗੁਰਬਾਣੀ ਸਰਵਣ ਕਰਕੇ ਅਨੰਦ ਪ੍ਰਾਪਤ ਕਰਨਗੀਆਂ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਵੱਡੇ ਭਾਗਾਂ ਨਾਲ ਨਸੀਬ ਹੁੰਦੀਆਂ ਹਨ ਅਤੇ ਅਨੇਕਾਂ ਪਰਿਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸ. ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਜਿਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਕਮਰਿਆਂ ਦੀ ਸੇਵਾ ਕਰਵਾਈ ਹੈ, ਉਥੇ ਹੀ ਇਹ ਹੋਰਨਾਂ ਸੇਵਾਵਾਂ ਵਿਚ ਵੀ ਵੱਡਮੁੱਲਾ ਯੋਗਦਾਨ ਪਾਉਂਦੇ ਹਨ।ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਪ੍ਰਭਜੋਤ ਸਿੰਘ ਤੇ ਸ. ਸੁਰਿੰਦਰਪਾਲ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨ ਦਿੱਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਇੰਚਾਰਜ ਸ. ਹਰਭਜਨ ਸਿੰਘ ਵਕਤਾ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਨਿਸ਼ਾਨ ਸਿੰਘ ਜੱਫਰਵਾਲ ਸਮੇਤ ਹੋਰ ਮੌਜੂਦ ਸਨ।