12 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸਾਰਾਗੜ੍ਹੀ ਦਿਵਸ-ਡਿਪਟੀ ਕਮਿਸ਼ਨਰ
ਅਮਰੀਕ ਸਿੰਘ
ਫ਼ਿਰੋਜ਼ਪੁਰ 1 ਸਤੰਬਰ
ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਵਿਖੇ 12 ਸਤੰਬਰ 2022 ਨੂੰ ਮਨਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਸਾਗਰ ਸੇਤੀਆ, ਐਸਡੀਐਮ ਰਣਜੀਤ ਸਿੰਘ, ਡਿਪਟੀ ਡਾਇਰੈਕਟਰ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।
ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਾਣੀ, ਸਾਫ-ਸਫਾਈ, ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਸਫੇਦੀ, ਪੇਂਟ ਤੇ ਮੁਰੰਮਤ, ਪਾਣੀ ਦਾ ਛਿੜਕਾਅ, ਅਸਥਾਈ ਪਖਾਨਿਆਂ ਦਾ ਪ੍ਰਬੰਧ, ਮੈਡੀਕਲ ਸਹੂਲਤਾਂ, ਲੰਗਰ ਦਾ ਪ੍ਰਬੰਧ, ਟ੍ਰੈਫਿਕ ਕੰਟਰੋਲ ਅਤੇ ਬਿਜਲੀ ਸਪਲਾਈ ਆਦਿ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਕਿਸੇ ਵੀ ਪ੍ਰਕਾਰ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।