86 ਫੀਸਦੀ ਤੋਂ ਜਿਆਦਾ ਘਰਾਂ ਦੇ ਬਿਜਲੀ ਬਿਲ ਆਉਣਗੇ ਜੀਰੋ - ਬਿਜਲੀ ਮੰਤਰੀਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 6 ਜਨਵਰੀ ਇਸ ਮਹੀਨੇ 86 ਫੀਸਦੀ ਤੋਂ ਜਿਆਦਾ ਘਰਾਂ ਦੇ ਬਿਜਲੀ ਬਿਲ ਜੀਰੋ ਆਉਣਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਦਬੁਰਜੀ ਵਿਖੇ ਸਥਿਤ ਕੀਆ ਮੋਟਰਸ ਵਿਖੇ 80 ਕੇ.ਵੀ.ਏ. ਸੋਲਰ ਨੈਟ ਮੀਟਰ ਸਿਸਟਮ ਜੋ ਕਿ ਡਾਇਨੈਕਸ ਸੋਲਰ ਲਿਮਟਿਡ ਕੰਪਨੀ ਵਲੋਂ ਲਗਾਇਆ ਗਿਆ ਹੈ ਦਾ ਉਦਘਾਟਨ ਕਰਨ ਪਿਛੋਂ ਕੀਤਾ। ਸ: ਈ.ਟੀ.ਓ. ਨੇ ਦੱਸਿਆ ਕਿ ਇਹ ਸੋਲਰ ਸਿਸਟਮ ਰੋਜਾਨਾ 300 ਬਿਜਲੀ ਦੇ ਯੂਨਿਟ ਪੈਦਾ ਕਰੇਗਾ। ਉਨਾਂ ਕਿਹਾ ਕਿ ਸਾਡੀ ਸਰਕਾਰ ਸੋਲਰ ਸਿਸਟਮ ਲਗਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੀ ਹੈ ਤਾਂ ਜੋ ਸੋਲਰ ਸਿਸਟਮ ਰਾਹੀਂ ਬਿਜਲੀ ਦੇ ੳਤਪਾਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਸਿਰਫ ਨੌ ਮਹੀਨਿਆਂ ਵਿੱਚ 25 ਹਜ਼ਾਰ ਤੋਂ ਵੱਧ ਨੌਕਰੀਆਂ ਨੌਜਵਾਨਾਂ ਨੂੰ ਦੇਣ ਦਾ ਵੱਡਾ ਵਾਅਦਾ ਪੂਰਾ ਕੀਤਾ ਹੈ ਅਤੇ ਸਾਲ 2023 ਸਿੱਖਿਆ, ਰੋਜ਼ਗਾਰ ਅਤੇ ਸਿਹਤ ਖੇਤਰਾਂ ਵਿੱਚ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲਣਗੀਆਂ। ਬਿਜਲੀ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਦੇ ਆਦੇਸ਼ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਸੁਧਾਰ ਕਰ ਰਹੀ ਹੈ ਅਤੇ ਬਿਜਲੀ ਦੇ ਪੁਰਾਣੇ ਟਰਾਂਸਫਾਰਮਰਾਂ ਨੂੰ ਬਦਲਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਦੇ ਨਾਲ-ਨਾਲ 66 ਕੇ.ਵੀ. ਦੀਆਂ ਨਵੀਆਂ ਲਾਈਨਾਂ ਵੀ ਵਿਛਾਈਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਨੂੰ ਬਿਜਲੀ ਪਖੋਂ ਆਤਮ ਨਿਰਭਰ ਬਣਾਇਆ ਜਾ ਸਕੇ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਦੇਣ ਲਈ ਵਚਨਬੱਧ ਹੈ ਅਤੇ ਭ੍ਰਿਸ਼ਟਾਚਾਰ ’ਤੇ ਜੀਰੋ ਟਾਲਰੈਂਸ ਤੇ ਕੰਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਪਹਿਲੇ 9 ਮਹੀਨਿਆਂ ਵਿੱਚ ਹੀ ਵੱਡੀਆਂ ਪੁਲਾਂਘਾਂ ਪੁਟੀਆਂ ਹਨ ਅਤੇ ਵਿਕਾਸ ਦੇ ਕਾਰਜ ਤੇਜੀ ਨਾਲ ਚੱਲ ਰਹੇ ਹਨ।