ਗੁਰਜੀਤ ਸਿੰਘ ਔਜਲਾ ਨੇ ਮਸਲਿਆਂ ਦੇ ਹੱਲ ਲਈ ਭਾਜਪਾ ਆਗੂ ਤਰਨਜੀਤ ਸੰਧੂ ਨਾਲ ਮੁਲਾਕਾਤ ਕੀਤੀ।
ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਰਲ-ਮਿਲ ਕੇ ਕਰਨਾ ਪਵੇਗਾ- ਐਮ.ਪੀ ਔਜਲਾ
ਗੁਰਜੀਤ ਸਿੰਘ ਔਜਲਾ ਨੇ ਮਸਲਿਆਂ ਦੇ ਹੱਲ ਲਈ ਭਾਜਪਾ ਆਗੂ ਤਰਨਜੀਤ ਸੰਧੂ ਨਾਲ ਮੁਲਾਕਾਤ ਕੀਤੀ।
ਅਮਰੀਕ ਸਿੰਘ
ਅੰਮ੍ਰਿਤਸਰ ਅਕਤੂਬਰ 30
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਿਸਾਨੀ ਪੰਜਾਬ ਲਈ ਬਹੁਤ ਮਹੱਤਵ ਰੱਖਦੀ ਹੈ ਅਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਾਰੀਆਂ ਪਾਰਟੀਆਂ ਨੂੰ ਇਕਜੁੱਟ ਹੋਣਾ ਪਵੇਗਾ। ਜਿਸ ਲਈ ਅੱਜ ਸੰਸਦ ਮੈਂਬਰ ਔਜਲਾ ਭਾਜਪਾ ਆਗੂ ਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰਨ ਲਈ ਪੁੱਜੇ।
ਸੰਸਦ ਮੈਂਬਰ ਔਜਲਾ ਨੇ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਅਤੇ ਕਈ ਗੰਭੀਰ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਕਿਸਾਨੀ ਪੰਜਾਬ ਦੀ ਜਾਨ ਹੈ ਅਤੇ ਕਿਸਾਨਾਂ ਤੋਂ ਬਿਨਾਂ ਪੰਜਾਬ ਤਰੱਕੀ ਨਹੀਂ ਕਰ ਸਕਦਾ ਪਰ ਉਨ੍ਹਾਂ ਦੀਆਂ ਚਿਰੋਕਣੀ ਮੰਗਾਂ ਵੱਲ ਧਿਆਨ ਨਾ ਦੇ ਕੇ ਪੰਜਾਬ ਸਰਕਾਰ ਕਿਸਾਨਾਂ ਨਾਲ ਹੀ ਨਹੀਂ ਸਗੋਂ ਆਮ ਲੋਕਾਂ ਨਾਲ ਵੀ ਬੇਇਨਸਾਫੀ ਕਰ ਰਹੀ ਹੈ . ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਸਹੀ ਭਾਅ ਨਾ ਮਿਲਣ ਕਾਰਨ ਨਾ ਸਿਰਫ਼ ਉਨ੍ਹਾਂ ਦਾ ਨੁਕਸਾਨ ਹੋ ਰਿਹਾ ਹੈ ਸਗੋਂ ਮੰਡੀ ਵਿੱਚ ਪੈਸਾ ਵੀ ਨਹੀਂ ਆ ਰਿਹਾ ਜਿਸ ਕਾਰਨ ਸਮਾਜ ਦੇ ਹਰ ਵਰਗ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।
ਉਨ੍ਹਾਂ ਤਰਨਜੀਤ ਸੰਧੂ ਨੂੰ ਕਿਹਾ ਕਿ ਇਸ ਮਸਲੇ ਦੇ ਹੱਲ ਪ੍ਰਤੀ ਪੰਜਾਬ ਸਰਕਾਰ ਦਾ ਰਵੱਈਆ ਬਹੁਤ ਹੀ ਨਾਂਹ-ਪੱਖੀ ਹੈ, ਇਸ ਲਈ ਉਨ੍ਹਾਂ ਨੂੰ ਇਕਜੁੱਟ ਹੋ ਕੇ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣਾ ਚਾਹੀਦਾ ਹੈ ਅਤੇ ਸਮੱਸਿਆ ਦਾ ਹੱਲ ਕੱਢਣਾ ਚਾਹੀਦਾ ਹੈ। ਐਮ.ਪੀ ਔਜਲਾ ਨੇ ਕਿਹਾ ਕਿ ਉਹ ਪਹਿਲਾਂ ਵੀ ਇਸ ਤਰ੍ਹਾਂ ਕੰਮ ਕਰਦੇ ਆ ਰਹੇ ਹਨ ਅਤੇ ਇੱਕ ਦੂਜੇ ਦੇ ਸਹਿਯੋਗ ਨਾਲ ਸ਼ਹਿਰ ਦਾ ਵਿਕਾਸ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਮਸਲਾ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਨੂੰ ਕੇਂਦਰ ਸਰਕਾਰ ਅੱਗੇ ਗੰਭੀਰਤਾ ਅਤੇ ਵਿਸਥਾਰ ਨਾਲ ਰੱਖਿਆ ਜਾਵੇ ਤਾਂ ਜੋ ਕਿਸਾਨ ਵੀ ਆਪਣੇ ਘਰਾਂ ਨੂੰ ਪਰਤ ਸਕਣ।