ਸਾਉਣੀ ਸੀਜ਼ਨ 2022 ਦੌਰਾਨ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਕੀਤੇ ਜਾਣ ਅਗੇਤੇ ਪ੍ਰਬੰਧ- ਡਿਪਟੀ ਕਮਿਸ਼ਨਰ
ਅਮਰੀਕ ਸਿੰਘ
ਫਿਰੋਜ਼ਪੁਰ, 7 ਜੂਨ 2022:
ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਅੰਮ੍ਰਿਤ ਸਿੰਘ ਵੱਲੋਂ ਸਾਉਣੀ ਸੀਜ਼ਨ-2022 ਦੌਰਾਨ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅਗਾਉਂ ਪ੍ਰਬੰਧਾਂ ਸਬੰਧੀ ਖੇਤੀਬਾੜੀ ਅਤੇ ਹੋਰ ਸਬੰਧਿਤ ਵਿਭਾਗਾਂ ਨਾਲ ਮੰਗਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗਗਨਦੀਪ ਸਿੰਘ ਵਿਰਕ, ਸਹਾਇਕ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਵੀ ਹਾਜ਼ਰ ਸਨ।
ਇਸ ਮੀਟਿੰਗ ਵਿੱਚ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਖੇਤੀਬਾੜੀ ਵਿਭਾਗ ਅਤੇ ਹੋਰ ਸਬੰਧਿਤ ਵਿਭਾਗਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ/ਕੰਮਾਂ ਬਾਰੇ ਨਿਰਦੇਸ਼ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਫਸਲ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਸਬੰਧੀ ਅਗੇਤੇ ਪ੍ਰਬੰਧ ਕੀਤੇ ਜਾਣ । ਉਨ੍ਹਾਂ ਕਿਹਾ ਕਿ ਇਸ ਸਬੰਧੀ ਜਿੱਥੇ ਖੇਤੀਬਾੜੀ ਵਿਭਾਗ ਵੱਲੋਂ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ ਉੱਥੇ ਹੀ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਦੇ ਨਾਲ-ਨਾਲ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਵਿਭਾਗਾਂ ਵਿੱਚ ਕੰਮ ਕਰਦੇ ਅਧਿਕਾਰੀ ਅਤੇ ਕਰਮਚਾਰੀ ਜੋ ਕਿਸਾਨੀ ਕਰਦੇ ਹਨ, ਵੀ ਪਰਾਲੀ ਨੂੰ ਅੱਗ ਨਾ ਲਾਉਣ ਦਾ ਅਹਿਦ ਕਰਨ।
ਉਨ੍ਹਾਂ ਨੇ ਕਿਹਾ ਕਿ ਸਕੂਲਾਂ ਵਿੱਚ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪੋਸਟਰ ਅਤੇ ਲੇਖ ਮੁਕਾਬਲੇ ਕਰਵਾਏ ਜਾਣ। ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਵੱਲੋਂ ਪਿਛਲੇ ਸੀਜ਼ਨਾਂ ਦੌਰਾਨ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ, ਬਾਰੇ ਵੀ ਪ੍ਰਚਾਰ ਕਰ ਕੇ ਦੂਸਰੇ ਕਿਸਾਨਾਂ ਨੂੰ ਵੀ ਇਸ ਬਾਰੇ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਫਸਲੀ ਰਹਿੰਦ-ਖੂਹੰਦ ਨੂੰ ਖੇਤ ਦੇ ਵਿੱਚ ਹੀ ਵਾਹੁਣ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਕਈ ਤਰ੍ਹਾਂ ਦੀ ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਈ ਜਾਂਦੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਇੰਡੀਅਨ ਯੂਥ ਇਨਵੈਂਟਰਜ਼ ਐਂਡ ਇਨੋਵੇਟਰਜ਼ ਚੈਲੰਜ ਵਿੱਚ ਭਾਗ ਲੈਣ ਜਾ ਰਹੀ ਸ਼ਹੀਦ ਗੁਰਦਾਸ ਰਾਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੀਰਾ ਦੀ ਹੋਣਹਾਰ ਵਿਦਿਆਰਥਣ ਭਜਨਪ੍ਰੀਤ ਕੌਰ ਨੇ ਪਰਾਲੀ ਦਾ ਨਿਪਟਾਰਾ, ਵਰਮੀ ਕੰਪੋਸਟ ਅਤੇ ਹੋਰ ਨਕਦੀ ਫਸਲਾਂ ਦਾ ਲਾਭ ਲੈਣ ਸਬੰਧੀ ਤਿਆਰ ਕੀਤੇ ਪ੍ਰਾਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥਨ ਵੱਲੋਂ ਦਿੱਤੀ ਗਈ ਜਾਣਕਾਰੀ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰ ਕੇ ਅਧਿਕਾਰੀਆਂ ਨੂੰ ਇਸ ਸਬੰਧੀ ਜੋ ਅਪਣਾਉਣ ਯੋਗ ਪੱਖਾਂ ਤੇ ਰਿਸਰਚ ਕਰਨ ਲਈ ਕਿਹਾ।