ਮੁੱਖ ਖੇਤੀਬਾੜੀ ਅਫਸਰ ਵੱਲੋ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਰੀਵਿਊ ਮੀਟਿੰਗ।
ਅਮਰੀਕ ਸਿੰਘ
ਅੰਮ੍ਰਿਤਸਰ 9 ਜੂਨ 2022—
ਪੰਜਾਬ ਸਰਕਾਰ ਵੱਲੋਂ ਪਾਣੀ ਦੀ ਸਤਾ ਡਿੱਗਣ ਤੋਂ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ,ਜਿਸ ਨਾਲ ਪਾਣੀ ਦੀ ਵੱਡੇ ਪੱਧਰ ਤੇ ਬੱਚਤ ਹੁੰਦੀ ਹੈ। ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਜਿਲ੍ਹਾ ਅੰਮ੍ਰਿਤਸਰ ਵਿੱਚ ਵੱਡੇ ਪੱਧਰ ਤੇ ਕਿਸਾਨਾਂ ਵਲੋਂ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ਤੇ ਕੈਂਪ ਲਗਾਕੇ,ਗੁਰੂਦਆਰਿਆਂ ਵਿੱਚ ਅਨਾਊਂਸਮੈਂਟ ਰਾਹੀ, ਇਸ਼ਤਿਹਾਰ ਵੰਡ ਕੇ ਅਤੇ ਕਿਸਾਨਾਂ ਦੇ ਵਟਸਐਪ ਗਰੁੱਪ ਬਣਾ ਕੇ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਝੋਨੇ ਦੀ ਸਿੱਧੀ ਬਿਜਾਈ ਦੀ ਪ੍ਰਗਤੀ ਅਤੇ ਆ ਰਹੀਆ ਔਕੜਾ ਨੂੰ ਧਿਆਨ ਵਿੱਚ ਰੱਖ ਕੇ ਮੁੱਖ ਖੇਤੀਬਾੜੀ ਅਫਸਰ ਡਾ. ਪਰਮਜੀਤ ਸਿੰਘ ਵਲੋਂ ਬਲਾਕ ਖੇਤੀਬਾੜੀ ਅਫਸਰਾਂ ਨਾਲ ਵਿਸ਼ੇਸ ਰੀਵਿਊ ਮੀਟਿੰਗ ਕੀਤੀ ਗਈ,ਜਿਸ ਵਿੱਚ ਉਹਨਾਂ ਨੇ ਵੱਧ ਤੋਂ ਵੱਧ ਰਕਬਾ ਸਿੱਧੀ ਬਿਜਾਈ ਹੇਠ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆਂ।ਬਲਾਕ ਖੇਤੀਬਾੜੀ ਅਫਸਰਾਂ ਨੇ ਬਿਜਲੀ ਦੀ ਘੱਟ ਸਪਲਾਈ,ਨਹਿਰੀ ਪਾਣੀ ਦੀ ਘਾਟ ਤੇ ਹੋਰ ਆ ਰਹੀਆ ਮੁਸ਼ਕਿਲਾਂ ਬਾਰੇ ਮੁੱਖ ਖੇਤੀਬਾੜੀ ਅਫਸਰ ਨੂੰ ਜਾਣੂ ਕਰਵਾਇਆ। ਇਸ ਮੌਕੇ ਵਿਸ਼ਾ ਵਸਤੂ ਮਾਹਿਰ ਡਾ. ਬਲਜਿੰਦਰ ਸਿੰਘ ਭੁੱਲਰ,ਬਲਾਕ ਖੇਤੀਬਾੜੀ ਅਫਸਰ ਚੋਗਾਵਾਂ ਡਾ. ਕੁਲਵੰਤ ਸਿੰਘ, ਬਲਾਕ ਖੇਤੀਬਾੜੀ ਅਫਸਰ ਅਟਾਰੀ ਡਾ. ਤੇਜਬੀਰ ਸਿੰਘ, ਬਲਾਕ ਖੇਤੀਬਾੜੀ ਅਫਸਰ ਰਈਆ ਡਾ.ਬਲਵਿੰਦਰ ਸਿੰਘ ਛੀਨਾ ਆਦਿ ਹਾਜਰ ਸਨ।
====—