ਵਿਧਾਇਕ ਰਜਨੀਸ਼ ਦਹੀਆ ਨੇ ਮੁੱਖ ਮੰਤਰੀ ਵੱਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ
ਅਮਰੀਕ ਸਿੰਘ
ਫਿਰੋਜ਼ਪੁਰ, 10 ਜੂਨ:
ਵਿਧਾਇਕ ਰਜਨੀਸ਼ ਦਹੀਆ ਨੇ ਮੁੱਖ ਮੰਤਰੀ ਵੱਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਫੈਸਲੇ ਨਾਲ ਟਰਾਂਸਪੋਰਟ ਮਾਫ਼ੀਆ ਦੇ ਖ਼ਾਤਮੇ ਵਿੱਚ ਸਹਾਈ ਹੋਵੇਗਾ ਅਤੇ ਇਸ ਫੈਸਲੇ ਨਾਲ ਸੂਬੇ ਵਿੱਚ ਟਰਾਂਸਪੋਰਟ ਮਾਫ਼ੀਆ ਬੀਤੇ ਦਿਨ ਦੀ ਗੱਲ ਬਣ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਫੈਸਲੇ ਨਾਲ ਟਰਾਂਸਪੋਰਟ ਮਾਫੀਆ ਜੋ ਕਿ ਆਪਣੀ ਮਨਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਿਹਾ ਸੀ, ਨੂੰ ਪੂਰੀ ਤਰ੍ਹਾਂ ਨੱਥ ਪੈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰ ਹੀ ਇਸ ਰੂਟ ਉਤੇ ਬੱਸਾਂ ਚਲਾਉਂਦੇ ਸਨ ਅਤੇ ਹੁਣ ਪੰਜਾਬ ਸਰਕਾਰ ਵੀ ਇਨ੍ਹਾਂ ਰੂਟਾਂ ਉਤੇ ਬੱਸਾਂ ਚਲਾਏਗੀ ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਪੱਖੀ ਸਰਕਾਰ ਹੈ। ਸਰਕਾਰ ਵੱਲੋਂ ਸੁਪਰ ਲਗਜ਼ਰੀ ਬੱਸਾਂ ਚਲਾ ਕੇ ਪ੍ਰਾਈਵੇਟ ਟਰਾਂਸਪੋਰਟਰਾਂ ਤੋਂ ਅੱਧੇ ਤੋਂ ਵੀ ਘੱਟ ਕਿਰਾਇਆ ਲਿਆ ਜਾਵੇਗਾ ਅਤੇ ਮੁਸਾਫਰਾਂ ਨੂੰ ਦੁੱਗਣੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ। ਇਨ੍ਹਾਂ ਬੱਸਾਂ ਦੇ ਆਉਣ-ਜਾਣ ਦਾ ਸਮਾਂ ਸਾਰਣੀ ਵੀ ਵੈੱਬਸਾਈਟਾਂ ਤੇ ਉਪਲਬਧ ਹੋਵੇਗੀ।
ਵਿਧਾਇਕ ਨੇ ਕਿਹਾ ਕਿ ਸੂਬੇ ਵਿੱਚ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਹੋਣਗੀਆਂ।
—-