ਅਧਿਕਾਰੀਆਂ ਨੂੰ ਸਰਕਾਰ ਦੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਪੂਰੀ ਤਾਕਤ ਨਾਲ ਜੁਟ ਜਾਣ ਦੇ ਹੁਕਮ
ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਫੌਜਾ ਸਿੰਘ ਸਰਾਰੀ
ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਸਬੰਧੀ ਕੀਤੀ ਮੀਟਿੰਗ
ਅਧਿਕਾਰੀਆਂ ਨੂੰ ਸਰਕਾਰ ਦੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਪੂਰੀ ਤਾਕਤ ਨਾਲ ਜੁਟ ਜਾਣ ਦੇ ਹੁਕਮ
ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਫੌਜਾ ਸਿੰਘ ਸਰਾਰੀ
ਫਿਰੋਜ਼ਪੁਰ, 23 ਅਗਸਤ :
ਕੈਬਨਿਟ ਮੰਤਰੀ ਫੌਜਾ ਸਿੰਘ ਸਿੰਘ ਸਰਾਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਲੋਕਾਂ ਦੀ ਸੇਵਾ ਵਿਚ ਸਰਕਾਰੀ ਸਕੀਮਾਂ ਲਾਗੂ ਕਰਨ, ਸਰਕਾਰ ਦੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ। ਉਨ੍ਹਾਂ ਆਮ ਜਨਤਾ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਸਖ਼ਤ ਮਿਹਨਤ ਕਰਨ ਅਤੇ ਪੂਰੀ ਤਾਕਤ ਨਾਲ ਜੁਟ ਜਾਣ ਦੇ ਹੁਕਮ ਦਿੱਤੇ।
ਕੈਬਨਿਟ ਮੰਤਰੀ ਨੇ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਿਲ ਜੁਲ ਕੇ ਕੰਮ ਕਰਨ ਦੀ ਹਦਾਇਤ ਕੀਤੀ। ਵਿਕਾਸ ਕਾਰਜਾਂ ਅਤੇ ਪ੍ਰੋਗਰਾਮਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਕਿ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਅਤੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਲਾਭ ਮੁਹੱਈਆ ਕਰਵਾਉਣ ਵਿੱਚ ਕੋਈ ਪਾੜਾ ਨਾ ਰਹੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਭ੍ਰਿਸ਼ਟਾਚਾਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦਫ਼ਤਰਾਂ ਦੇ ਬਾਹਰ ਭ੍ਰਿਸ਼ਟਾਚਾਰ ਰੋਕੂ ਨੋਟਿਸ ਲਗਾਉਣ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਦੇ ਬਾਹਰ ਆਪਣਾ ਨਾਮ, ਅਹੁੱਦਾ ਅਤੇ ਮੋਬਾਈਲ ਨੰਬੁਰ ਜ਼ਰੂਰ ਲਿਖਣ।
ਮੀਟਿੰਗ ਦੌਰਾਨ ਉਨ੍ਹਾਂ ਨੇ ਨਹਿਰਾਂ ਅਤੇ ਖਾਲਿਆਂ ਦੀ ਸਫਾਈ ਸਬੰਧੀ ਨਹਿਰੀ ਵਿਭਾਗ ਦੇ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਸਰਕਾਰੀ ਇਮਾਰਤਾਂ ਜੋ ਖੰਡਰ ਹੋ ਰਹੀਆਂ ਹਨ ਉਨ੍ਹਾਂ ਦੀ ਬਾਰੇ ਵੀ ਚਰਚਾ ਕੀਤੀ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੜਕਾਂ ਦੇ ਬਰਮ ਖਾਲੀ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਨ, ਪਾਣੀ ਦੇ ਮੋਗਿਆਂ, ਪੰਚਾਇਤ ਦੇ ਕੰਮਾਂ ਦੀ ਰਿਪੋਰਟ, ਪਹਿਲਾਂ ਬਣਾਏ ਗਏ ਸਟੇਡੀਅਮ ਵਿੱਚ ਹੋਈ ਘਪਲੇਬਾਜ਼ੀ ਆਦਿ ਸਬੰਧੀ ਅਧਿਕਾਰੀਆਂ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੇ ਸੇਵਕ ਬਣ ਕੇ ਕੰਮ ਕਰਨ ਅਤੇ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨਾਲ ਚੰਗੀ ਬੋਲ ਚਾਲ ਦੀ ਭਾਸ਼ਾ ਰੱਖਣ ਅਤੇ ਨਿਯਮਾਂ ਅਨੁਸਾਰ ਲੋਕਾਂ ਦੇ ਕੰਮ ਕਰਨ।
ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਆਪਣੇ ਹਲਕੇ ਦੀਆਂ ਸਮੱਸਿਆਵਾਂ ਤੋਂ ਮੰਤਰੀ ਸਾਹਿਬ ਨੂੰ ਜਾਣੂ ਕਰਵਾਇਆ ਅਤੇ ਮੌਕੇ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਹੱਲ ਕਰਨ ਲਈ ਮੰਤਰੀ ਸਾਹਿਬ ਨੇ ਨਿਰਦੇਸ਼ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸਾਗਰ ਸੇਤੀਆ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰ ਪ੍ਰਕਾਸ਼ ਵਰਮਾ, ਤਹਿਸੀਲਦਾਰ ਫਿਰੋਜ਼ਪੁਰ ਸ੍ਰੀਮਤੀ ਸੁਖਬੀਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।