ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੋਣਗੇ ਵਿਸ਼ੇਸ਼ ਸਮਾਗਮ
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਵਾਸੀ ਆਪਣੇ ਘਰਾਂ ਵਿੱਚ ਤਿਰੰਗੇ ਲਹਿਰਾਉਣ ਦੇ ਨਾਲ ਦੀਪਮਾਲਾ ਵੀ ਕਰਨ – ਏ.ਡੀ.ਸੀ. ਡਾ. ਨਿਧੀ ਕੁਮਦ
ਅਮਰੀਕ ਸਿੰਘ
ਗੁਰਦਾਸਪੁਰ, 25 ਸਤੰਬਰ
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਸਬੰਧੀ 28 ਸਤੰਬਰ ਨੂੰ ਸੂਬੇ ਭਰ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਵਿਸ਼ੇਸ਼ ਸਮਾਗਮ ਕੀਤੇ ਜਾਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਮੌਕੇ ਸਾਰੀਆਂ ਸਬ ਡਵੀਜ਼ਨਾਂ ਵਿੱਚ ਕੈਂਡਲ ਲਾਈਟ ਮਾਰਚ, ਸਾਈਕਲ ਰੈਲੀਆਂ ਅਤੇ ਮੈਰਾਥਨ ਦੌੜ ਦਾ ਆਯੋਜਿਨ ਕੀਤਾ ਜਾਵੇਗਾ।
ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਤੇ ਤਹਿਸੀਲ ਪੱਧਰ ’ਤੇ ਬਟਾਲਾ, ਡੇਰਾ ਬਾਬਾ ਨਾਨਕ, ਦੀਨਾਨਗਰ, ਕਲਾਨੌਰ ਅਤੇ ਫ਼ਤਹਿਗੜ੍ਹ ਚੂੜੀਆਂ ਵਿਖੇ 28 ਸਤੰਬਰ ਸ਼ਾਮ 7:00 ਵਜੇ ਕੈਂਡਲ ਮਾਰਚਾਂ ਦਾ ਆਯੋਜਿਨ ਕੀਤਾ ਜਾਵੇਗਾ, ਜਿਸ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਸਾਈਕਲ ਰੈਲੀਆਂ ਅਤੇ ਮੈਰਾਥਨ ਦੌੜ ਦਾ ਆਯੋਜਿਨ ਵੀ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 28 ਸਤੰਬਰ ਨੂੰ ਆਪਣੇ ਘਰਾਂ ਅਤੇ ਕੰਮ-ਕਾਜੀ ਸਥਾਨਾਂ ’ਤੇ ਤਿਰੰਗਾ ਝੰਡਾ ਜਰੂਰ ਲਹਿਰਾਉਣ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਆਪਣੇ ਘਰਾਂ ਵਿੱਚ ਦੀਵੇ ਜਗਾ ਕੇ ਦੀਪਮਾਲਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਇਤਿਹਾਸਕ ਇਮਾਰਤਾਂ ਦੀ ਲਾਈਟਿੰਗ ਵੀ ਕੀਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਸ. ਭਗਤ ਸਿੰਘ ਦੇ ਜੀਵਨ ਬਾਰੇ ਜਰੂਰ ਦੱਸਿਆ ਜਾਵੇ। ਇਸ ਤੋਂ ਇਲਾਵਾ ਸਾਰੇ ਸਕੂਲਾਂ ਦੇ ਸਮਾਰਟ ਕਲਾਸ ਰੂਮਸ ਵਿੱਚ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੰਦੇਸ਼ ਵੀ ਸੁਣਾਇਆ ਜਾਵੇਗਾ।