ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਅਰੰਭ27 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ ਮੁੱਖ ਸਮਾਗਮਅਮਰੀਕ ਸਿੰਘ ਅੰਮ੍ਰਿਤਸਰ, 25 ਅਕਤੂਬਰ-100 ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਅਤੇ ਹੋਰ ਅਧਿਕਾਰੀ ਮੌਜੂਦ ਸਨ।ਸ਼੍ਰੋਮਣੀ ਕਮੇਟੀ ਵੱਲੋਂ ਇਸ ਸ਼ਤਾਬਦੀ ਸਬੰਧੀ ਸ੍ਰੀ ਅੰਮ੍ਰਿਤਸਰ ਵਿਖੇ 26 ਅਤੇ 27 ਅਕਤੂਬਰ ਨੂੰ ਦੋ ਦਿਨਾਂ ਗੁਰਮਤਿ ਸਮਾਗਮ ਰੱਖੇ ਗਏ ਹਨ। ਇਸ ਤੋਂ ਇਲਾਵਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਵਿਖੇ 30 ਅਕਤੂਬਰ ਨੂੰ ਸ਼ਤਾਬਦੀ ਸਮਾਗਮ ਕੀਤਾ ਜਾਵੇਗਾ।ਸ੍ਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਸਮਾਗਮਾਂ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ 27 ਅਕਤੂਬਰ ਦੇ ਮੁੱਖ ਸ਼ਤਾਬਦੀ ਸਮਾਗਮ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵੱਖ-ਵੱਖ ਸੰਪਰਦਾਵਾਂ ਅਤੇ ਜਥੇਬੰਦੀਆਂ ਦੇ ਮੁਖੀ ਅਤੇ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਇਸ ਤੋਂ ਪਹਿਲਾਂ 26 ਅਕਤੂਬਰ ਨੂੰ ਸਿੱਖ ਮਿਸ਼ਨਰੀ ਕਾਲਜਾਂ ਅਤੇ ਵਿਦਿਆਲਿਆਂ ਦੇ 100 ਵਿਦਿਆਰਥੀਆਂ ਵੱਲੋਂ ਪੁਰਾਤਨ ਸਾਜ਼ਾਂ ਨਾਲ ਇਕੱਠਿਆਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਇਸੇ ਦਿਨ ਸਕੂਲਾਂ, ਕਾਲਜਾਂ ਦੇ ਬੱਚੇ ਵੀ ਕੀਰਤਨ, ਢਾਡੀ ਅਤੇ ਕਵੀਸ਼ਰੀ ਦੁਆਰਾ ਹਾਜ਼ਰੀ ਭਰਨਗੇ ਅਤੇ ਪੰਥ ਦੇ ਪ੍ਰਸਿੱਧ ਢਾਡੀ ਕਵੀਸ਼ਰ ਜਥਿਆਂ ਵੱਲੋਂ ਸਿੱਖ ਇਤਿਹਾਸ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸਬੰਧੀ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਲਗਾ ਦਿੱਤੀ ਗਈ ਹੈ ਜੋ 27 ਤਰੀਕ ਤਕ ਜਾਰੀ ਰਹੇਗੀ। ਇਸ ਤੋਂ ਇਲਾਵਾ ਵਿਸ਼ੇਸ਼ ਬਸ ਵਿਚ ਪ੍ਰਦਰਸ਼ਤ ਕੀਤੇ ਗਏ ਗੁਰੂ ਸਾਹਿਬਾਨ ਦੇ ਸ਼ਸਤਰਾਂ, ਬਸਤਰਾਂ ਦੇ ਵੀ ਸ਼ਤਾਬਦੀ ਸਮਾਗਮਾਂ ਦੌਰਾਨ ਸੰਗਤਾਂ ਦਰਸ਼ਨ ਕਰ ਸਕਣਗੀਆਂ।ਇਸ ਮੌਕੇ ਮੀਤ ਸਕੱਤਰ ਸ. ਪਰਮਜੀਤ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ, ਸ. ਗੁਰਤਿੰਦਰਪਾਲ ਸਿੰਘ ਆਦਿ ਵੀ ਮੌਜੂਦ ਸਨ।amrik Singh Correspondent punjabnewsexpresscom