Breaking News

ਸ਼੍ਰੋਮਣੀ ਕਮੇਟੀ ਸਮੇਤ ਪੰਥਕ ਸੰਸਥਾਵਾਂ ਦੀ ਰਾਖੀ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਪੰਥਕ ਜਥੇਬੰਦੀਆਂ ਅਕਾਲੀ ਦਲ ਦਾ ਮਾਰਗ ਦਰਸ਼ਨ ਕਰਨ : ਸੁਖਬੀਰ ਸਿੰਘ ਬਾਦਲ ਨੇ ਕੀਤੀ ਅਪੀਲ
ਸਿੱਖ ਕੌਮ ਨੂੰ ਇਕਜੁੱਟ ਹੋ ਕੇ ਪੰਥ ਵਿਰੋਧੀ ਤਾਕਤਾਂ ਦੀ ਪਛਾਣ ਕਰਨ ਤੇ ਉਹਨਾਂ ਨੂੰ ਠੋਕਵਾਂ ਜਵਾਬ ਦੇਣ ਦੀ ਵੀ ਕੀਤੀ ਅਪੀਲ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਲਿਫਾਫਾ ਸਭਿਆਚਾਰ ਹੋਣ ਦੇ ਦਾਅਵਿਆਂ ਦਾ ਕੀਤਾ ਖੰਡਨ
ਸ਼੍ਰੋ

ਸ਼੍ਰੋਮਣੀ ਕਮੇਟੀ ਸਮੇਤ ਪੰਥਕ ਸੰਸਥਾਵਾਂ ਦੀ ਰਾਖੀ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਪੰਥਕ ਜਥੇਬੰਦੀਆਂ ਅਕਾਲੀ ਦਲ ਦਾ ਮਾਰਗ ਦਰਸ਼ਨ ਕਰਨ : ਸੁਖਬੀਰ ਸਿੰਘ ਬਾਦਲ ਨੇ ਕੀਤੀ ਅਪੀਲ
ਸਿੱਖ ਕੌਮ ਨੂੰ ਇਕਜੁੱਟ ਹੋ ਕੇ ਪੰਥ ਵਿਰੋਧੀ ਤਾਕਤਾਂ ਦੀ ਪਛਾਣ ਕਰਨ ਤੇ ਉਹਨਾਂ ਨੂੰ ਠੋਕਵਾਂ ਜਵਾਬ ਦੇਣ ਦੀ ਵੀ ਕੀਤੀ ਅਪੀਲ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਲਿਫਾਫਾ ਸਭਿਆਚਾਰ ਹੋਣ ਦੇ ਦਾਅਵਿਆਂ ਦਾ ਕੀਤਾ ਖੰਡਨ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਹਸਤਾਖ਼ਰ ਮੁਹਿੰਮ ਤੇ ਸ਼੍ਰੋਮਣੀ ਕਮੇਟੀ ਦਾ ਨਾ ਟੁੱਟਣਾ ਯਕੀਨੀ ਬਣਾਉਣ ਲਈ ਅਰਦਾਸ ਦਿਵਸ ਮਨਾਉਣ ਦਾ ਦਿੱਤਾ ਪ੍ਰੋਗਰਾਮ

AMRIK SINGH

ਅੰਮ੍ਰਿਤਸਰ, 27 ਅਕਤੂਬਰ
: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਪੰਥਕ ਸੰਸਥਾਵਾਂ ਦੀ ਰਾਖੀ ਵਾਸਤੇ ਅਕਾਲੀ ਦਲ ਦਾ ਮਾਰਗ ਦਰਸ਼ਨ ਕਰਨ ਕਿਉਂਕਿ ਮਾੜੇ ਅਨਸਰ ਸਿੱਖ ਕੌਮ ਨੂੰ ਵੰਡਣਾ ਚਾਹੁੰਦੇ ਹਨ।
ਇੱਥੇ ਸ੍ਰੀ ਦਰਬਾਰ ਸਾਹਿਬ ਵਿਚ ਮੰਜੀ ਸਾਹਿਬ ਦੀਵਾਨ ਹਾਲ ਵਿਚ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਵਰ੍ਹੇਗੰਢ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਿੱਖ ਕੌਮ ਨੂੰ ਇਹ ਵੀ ਅਪੀਲ ਕੀਤੀ ਕਿ ਸਾਰੇ ਇਕਜੁੱਟ ਹੋਣ ਅਤੇ ਪੰਥ ਤੇ ਇਸਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਇੱਛੁਕ ਪੰਥ ਵਿਰੋਧੀ ਤਾਕਤਾਂ ਦੀ ਸ਼ਨਾਖ਼ਤ ਕਰਕੇ  ਉਹਨਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹਨ। ਉਹਨਾਂ ਕਿਹਾ ਕਿ ਦੋਵੇਂ ਲੋਕਤੰਤਰੀ ਸੰਸਥਾਵਾਂ ਹਨ ਜਿਹਨਾਂ ਦੇ ਮੁਖੀ ਦੀ ਚੋਣ ਹੁੰਦੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਤੇ ਇਸ ਦੀਆਂ ਏਜੰਸੀਆਂ ਸਿੱਖ ਕੌਮ ਦੇ ਮੈਂਬਰਾਂ ਦੀ ਦੁਰਵਰਤੋਂ ਕਰ ਕੇ ਇਸਦੀਆਂ ਸੰਸਥਾਵਾਂ ਤੇ ਕੌਮ ਨੂੰ ਕਮਜ਼ੋਰ ਕਰਨ ’ਤੇ ਲੱਗੀਆਂ ਹਨ। ਉਹਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਪੰਥ ਵਿਰੋਧੀ ਤਾਕਤਾਂ ਦਾ ਕਬਜ਼ਾ ਹੋ ਗਿਆ ਹੈ ਤੇ ਹੁਣ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਦਿੱਤੀ ਗਈ ਹੈ।
ਇਹਨਾਂ ਗਤੀਵਿਧੀਆਂ ਨੂੰ ਸਿੱਖ ਕੌਮ ’ਤੇ ਹਮਲਾ ਕਰਾਰ ਦਿੰਦਿੰਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਤਾਕਤਾਂ ਕੌਮ ਨੂੰ ਛੋਟੇ ਛੋਟੇ ਹਿੱਸਿਆਂ ਵਿਚ ਅਤੇ ਇਸਦੀਆਂ ਸੰਸਥਾਵਾਂ ਨੂੰ ਛੋਟੇ ਛੋਟੇ ਸਮੂਹਾਂ ਵਿਚ ਵੰਡਣਾ ਚਾਹੁੰਦੀਆਂ ਹਨ ਤਾਂ ਜੋ ਕੌਮ ਦੀ ਤਾਕਤ ਕਮਜ਼ੋਰ ਕੀਤੀ ਜਾ ਸਕੇ।
ਅਕਾਲੀ ਦਲ ਦੇ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਇਹਨਾਂ ਮਾੜੇ ਮਨਸੂਬਿਆਂ ਨੂੰ ਅਸਫਲ ਬਣਾਇਆ ਜਾਵੇ ਅਤੇ ਕਿਹਾ ਕਿ ਸਿੱਖ ਕੌਮ ਸਿਮਰਨ, ਸੇਵਾ ਤੇ ਸ਼ਹਾਦਤਾਂ ਲਈ ਜਾਣੀ ਜਾਂਦੀ ਹੈ। ਉਹਨਾਂ ਕਿਹਾ ਕਿ ਗੁਰੂ ਕਾ ਬਾਗ਼ ਦੇ ਮੋਰਚੇ ਦੇ ਕੈਦੀਆਂ ਵਾਸਤੇ ਲੰਗਰ ਦੇਣ ਲਈ ਆਪਣੀਆਂ ਸ਼ਹਾਦਤਾਂ ਦੇਣ ਵਾਲੇ ਬਹਾਦਰਾਂ ਵਿਚ ਵੀ ਸਿੱਖੀ ਸਿਧਾਂਤ ਸਭ ਤੋਂ ਅੱਗੇ ਸਨ। ਉਹਨਾਂ ਕਿਹਾ ਕਿ ਇਹੀ ਜਜ਼ਬਾਤ ਮਹੰਤਾਂ ਤੋਂ ਗੁਰਦੁਆਰਾ ਸਾਹਿਬਾਨ ਦਾ ਕੰਟਰੋਲ ਮੁਕਤ ਕਰਵਾਉਣ ਅਤੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦਾ ਗਠਨ ਕਰਨ ਵੇਲੇ ਸਨ ਤੇ ਨਾਲ ਹੀ ਸਿੱਖ ਕੌਮ ਦੀ ਸ਼ਹਾਦਤ ਦੇਣ ਦੀ ਰਵਾਇਤ ਵੀ ਸੀ।
ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਸ਼੍ਰੋਮਣੀ ਕਮੇਟੀ ਵਿਚ ਪ੍ਰਧਾਨ ਦੀ ਚੋਣ ਵਿਚ ਕੋਈ ਲਿਫਾਫਾ ਸਭਿਆਚਾਰ ਨਹੀਂ ਹੈ। ਉਹਨਾਂ ਕਿਹਾ ਕਿ ਜਦੋਂ ਸਾਰੇ ਮੈਂਬਰਾਂ ਦੀ ਸ਼ਮੂਲੀਅਤ ਨਾਲ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਹੁੰਦੀਆਂ ਹਨ ਤਾਂ ਫਿਰ ਲਿਫਾਫਾ ਸਭਿਆਚਾਰ ਕਿਵੇਂ ਹੋ ਸਕਦਾ ਹੈ।
ਇਕ ਹੋਰ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਬਹੁਤ ਸਤਿਕਾਰ ਕਰਦੇ ਹਨ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਤੇ ਅਕਾਲੀ ਦਲ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਕਿਹਾ ਕਿ ਇਹ ਦੋਵੇਂ ਸੰਸਥਾਵਾਂ ਸਿੱਖ ਕੌਮ ਦੀਆਂ ਅਸਲ ਪ੍ਰਤੀਨਿਧ ਜਮਾਤ ਹਨ।
ਉਹਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਿੱਖੀ ਸਿਧਾਂਤਾਂ ’ਤੇ ਪਹਿਰਾ ਦੇਵੇ ਅਤੇ ਸੁਝਾਅ ਦਿੱਤਾ ਕਿ ਪੰਥ ਵਿਰੋਧੀ ਤਾਕਤਾਂ ਨਾਲ ਲੜਾਈ ਲੜਨ ਵਾਸਤੇ ਅਕਾਲੀ ਵਰਕਰਾਂ ਨੂੰ ਤਿਆਰ ਕਰਨ ਵਾਸਤੇ ਸਿੱਖਲਾਈ ਕੈਂਪ ਲਗਾਏ ਜਾਣ।ਉਹਨਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਖ਼ਾਲਸਾ ਦੀਵਾਨ, ਤਖਤਾਂ ਦੇ ਬੋਰਡ ਤੇ ਹੋਰ ਸੰਸਥਾਵਾਂ ਨੂੰ ਨਿੱਜੀ ਹੱਥਾਂ ਤੋਂ ਮੁਕਤ ਕਰਵਾਇਆ ਜਾਵੇ ਤੇ ਇਹਨਾਂ ਦੀ ਵਰਤੋਂ ਸਿੱਖ ਕੌਮ ਨੂੰ ਮਜ਼ਬੂਤ ਕਰਨ ਵਾਸਤੇ ਕੀਤੀ ਜਾਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰਸਿੰਘ  ਧਾਮੀ ਨੇ ਨਿਹੰਗ ਜਥੇਬੰਦੀਆਂ, ਦਮਦਮੀ ਟਕਸਾਲ ਤੇ ਕਾਰ ਸੇਵਾ ਮੁਖੀਆਂ ਦਾ ਇਸ ਲਈ ਧੰਨਵਾਦ ਕੀਤਾ ਕਿ ਉਹਨਾਂ ਨੇ ਪੰਥਕ ਸੰਸਥਾਵਾਂ ਦੀ ਰਾਖੀ ਵਾਸਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪ੍ਰੋਗਰਾਮ ਦੀ ਹਮਾਇਤ ਕੀਤੀ ਹੈ। ਉਹਨਾਂ ਸ਼੍ਰੋ੍ਮਣੀ ਕਮੇਟੀ ਵੱਲੋਂ ਦੋ ਪ੍ਰੋਗਰਾਮਾਂ ਦਾ ਐਲਾਨ ਵੀ ਕੀਤਾ। ਉਹਨਾਂ ਕਿਹਾ ਕਿ ਜਥੇਬੰਦੀਆਂ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਹਸਤਾਖ਼ਰ ਮੁਹਿੰਮ ਤਹਿਤ ਹਸਤਾਖ਼ਰ ਲੈਣਗੀਆਂ ਅਤੇ ਇਹ ਹਸਤਾਖ਼ਰ ਟਰੱਕਾਂ ਵਿਚ ਭਰ ਕੇ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਹਰਿਆਣਾ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਵਾਸਤੇ ਵੱਖਰੀ ਕਮੇਟੀ ਨਹੀਂ ਬਣਾਈ ਜਾਵੇਗੀ ਇਹ ਯਕੀਨੀ ਬਣਾਉਣ ਵਾਸਤੇ ਜ਼ਿਲ੍ਹਾ ਪੱਧਰ ’ਤੇ ਅਰਦਾਸ ਦਿਵਸ ਸਮਾਗਮ ਕੀਤੇ ਜਾਣਗੇ।
ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਕਮੇਟੀ ਨੂੰ ਸਾਕਾ ਪੰਜਾ ਸਾਹਿਬ ਦੇ ਬਹਾਦਰ ਸਿੱਖਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਸਤੇ ਸਮਾਗਮ ਆਯੋਜਿਤ ਕਰਨ ਦੀ ਵਧਾਈ ਦਿੱਤੀ। ਉਹਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਹਨਾਂ ਨੇ ਸਿੱਖ ਕੌਮ ਨੁੰ ਅਪੀਲ ਕੀਤੀ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ।
ਇਸ ਮੌਕੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਗੋਬਿੰਦ ਸਿੰਘ ਲੌਂਗੋਵਾਲ, ਡਾ. ਦਲਜੀਤ ਸਿੰਘਚੀਮਾ,  ਗੁਰਚਰਨ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ, ਜਰਨੈਲ ਸਿੰਘ ਡੋਗਰਾ ਵਾਲਾ ਤੇ ਸਰਦਾਰ ਵਿਰਸਾ ਸਿੰਘ ਵਲਟੋਹਾ ਵੀ ਹਾਜ਼ਰ ਸਨ।
m

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …