Breaking News

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਦਾ ਨੋਟੀਫਿਕੇਸ਼ਨ ਕੀਤਾ ਰੱਦ
ਹਰਿਆਣਾ ਕਮੇਟੀ ਰਾਹੀਂ ਗੁਰੂ ਘਰਾਂ ਦਾ ਪ੍ਰਬੰਧ ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ ਸਰਕਾਰ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਦਾ ਨੋਟੀਫਿਕੇਸ਼ਨ ਕੀਤਾ ਰੱਦ
ਹਰਿਆਣਾ ਕਮੇਟੀ ਰਾਹੀਂ ਗੁਰੂ ਘਰਾਂ ਦਾ ਪ੍ਰਬੰਧ ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ ਸਰਕਾਰ- ਐਡਵੋਕੇਟ ਧਾਮੀ


ਅਮਰੀਕ ਸਿੰਘ 
ਅੰਮ੍ਰਿਤਸਰ, 29 ਅਕਤੂਬਰ- 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ 41 ਮੈਂਬਰੀ ਹਰਿਆਣਾ ਸਿੱਖ ਗੁਰਦੁਆਰਾ ਐਡਹਾਕ ਕਮੇਟੀ ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਦਿਆਂ ਆਖਿਆ ਕਿ ਇਹ ਸਿੱਖ ਮਸਲਿਆਂ ਵਿਚ ਸਿੱਧੀ ਸਰਕਾਰੀ ਦਖ਼ਲਅੰਦਾਜ਼ੀ ਹੈ। ਸਾਕਾ ਸ੍ਰੀ ਪੰਜਾ ਸਾਹਿਬ ਦੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਪਹਿਲਾਂ ਹੀ ਖਦਸ਼ਾ ਪ੍ਰਗਟਾਇਆ ਸੀ ਕਿ ਹਰਿਆਣਾ ਕਮੇਟੀ ਦੇ ਜ਼ਰੀਏ ਸਰਕਾਰ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀ ਹੈ ਅਤੇ ਤਾਜ਼ਾ ਨੋਟੀਫਿਕੇਸ਼ਨ ਨੇ ਇਸ ਦੀ ਤਸਦੀਕ ਕੀਤੀ ਹੈ। ਉਨ੍ਹਾਂ ਸਿੱਖ ਕੌਮ ਨੂੰ ਸੁਚੇਤ ਕੀਤਾ ਕਿ ਗੁਰਦੁਆਰਿਆਂ ’ਤੇ ਸਰਕਾਰੀ ਕਬਜ਼ੇ ਦੀ ਇਸ ਨੀਅਤ ਦਾ ਕਰੜਾ ਵਿਰੋਧ ਕਰਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਨੋਟੀਫਿਕੇਸ਼ਨ ਵਿਚ 18 ਮਹੀਨਿਆਂ ਲਈ ਐਡਹਾਕ ਕਮੇਟੀ ਬਣਾਉਣ ਦੇ ਨਾਲ-ਨਾਲ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਇਸ ਨਿਰਧਾਰਤ ਸਮੇਂ ਵਿਚ ਚੋਣ ਨਹੀਂ ਹੁੰਦੀ ਤਾਂ ਅਗਲੇ 18 ਮਹੀਨਿਆਂ ਲਈ ਸਰਕਾਰ ਐਡਹਾਕ ਕਮੇਟੀ ਦੇ ਸਮੇਂ ਵਿਚ ਵਾਧਾ ਕਰੇਗੀ। ਇਸ ਦਾ ਮਤਲਬ 3 ਸਾਲਾਂ ਲਈ ਗੁਰੂ ਘਰਾਂ ਦਾ ਪ੍ਰਬੰਧ ਸਰਕਾਰ ਦੇ ਹੱਥਾਂ ਵਿਚ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੋਟੀਫਿਕੇਸ਼ਨ ’ਚ ਐਡਹਾਕ ਕਮੇਟੀ ਦੇ ਸਰਪ੍ਰਸਤ ਵਜੋਂ ਇਕ ਸਰਕਾਰੀ ਨੁਮਾਇੰਦੇ ਦਾ ਵੀ ਜ਼ਿਕਰ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅਤੇ ਸਿੱਖ ਸੰਸਥਾਵਾਂ ਦੇ ਸਰਪ੍ਰਸਤ ਵਿਅਕਤੀ ਨਹੀਂ, ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਹਨ। ਉਨ੍ਹਾਂ ਕਿਹਾ ਕਿ 1920 ’ਚ ਅੰਗਰੇਜ਼ਾਂ ਨੇ ਵੀ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਗੁਰੂ ਘਰਾਂ ਦਾ ਪ੍ਰਬੰਧ ਸਰਕਾਰੀ ਕਮੇਟੀ ਰਾਹੀਂ ਆਪਣੇ ਹੱਥ ’ਚ ਰੱਖਣ ਦਾ ਯਤਨ ਕੀਤਾ ਸੀ ਪਰ ਪੰਥਕ ਵਿਰੋਧ ਮਰਗੋਂ ਸਰਕਾਰ ਨੂੰ ਪਿੱਛੇ ਹਟਣਾ ਪਿਆ। ਅੱਜ ਹਰਿਆਣਾ ਸਰਕਾਰ ਅਜਿਹਾ ਕਰ ਰਹੀ ਹੈ, ਜਿਸ ਨੂੰ ਸਿੱਖ ਪ੍ਰਵਾਨ ਨਹੀਂ ਕਰਨਗੇ। 
ਐਡਵੋਕੇਟ ਧਾਮੀ ਨੇ ਹਰਿਆਣਾ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਮਨਸ਼ਾ ਨੂੰ ਸਮਝਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਪੰਥ ਦੀ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤਾਕਤਵਰ ਬਣਾਉਣ। ਉਨ੍ਹਾਂ ਸਰਕਾਰਾਂ ਨੂੰ ਵੀ ਤਾੜਨਾ ਕੀਤੀ ਕਿ ਉਹ ਸਿੱਖ ਮਸਲਿਆਂ ਵਿਚ ਦਖ਼ਲ ਬੰਦ ਕਰਨ ਅਤੇ ਗੁਰੂ ਘਰਾਂ ਲਈ ਸਿਆਸਤ ਨਾ ਕਰਨ।


ਐਡਵੋਕੇਟ ਧਾਮੀ ਦੀ ਅਗਵਾਈ ’ਚ ਜਥਾ ਪਾਕਿਸਤਾਨ ਰਵਾਨਾ
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਾਕਿਸਤਾਨ ਪੁੱਜ ਗਏ ਹਨ। ਉਨ੍ਹਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸਰਵਣ ਸਿੰਘ ਕੁਲਾਰ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਅਜਮੇਰ ਸਿੰਘ ਖੇੜਾ, ਸ. ਖੁਸ਼ਵਿੰਦਰ ਸਿੰਘ ਭਾਟੀਆ ਅਤੇ ਭਾਈ ਪ੍ਰਿਤਪਾਲ ਸਿੰਘ ਵੀ ਪਾਕਿਸਤਾਨ ਗਏ ਹਨ। ਇਸ ਤੋਂ ਇਲਾਵਾ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਸ. ਰਾਜਿੰਦਰ ਸਿੰਘ ਰੂਬੀ ਸਮੇਤ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਵੀ ਜਥੇ ਵਿਚ ਸ਼ਾਮਲ ਹਨ। ਜਥੇ ਦੀ ਰਵਾਨਗੀ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪੰਥਕ ਰਵਾਇਤਾਂ ਅਨੁਸਾਰ ਜੈਕਾਰਿਆਂ ਦੀ ਗੂੰਜ ਵਿਚ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਪੰਥ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦਾ 100 ਸਾਲਾ ਮਨਾਇਆ ਜਾਣਾ ਸਾਕੇ ਦੇ ਸ਼ਹੀਦਾਂ ਨੂੰ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਵਿਖੇ ਸਾਕੇ ਸਬੰਧੀ ਦੋ ਦਿਨਾਂ ਸਮਾਗਮਾਂ ਮਗਰੋਂ ਹੁਣ ਸ੍ਰੀ ਪੰਜਾ ਸਾਹਿਬ ਵਿਖੇ ਸਮਾਗਮ ਕੀਤੇ ਜਾ ਰਹੇ ਹਨ। ਇਹ ਸਮਾਗਮ ਪਾਕਿਸਤਾਨ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਸਾਂਝੇ ਤੌਰ ’ਤੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਥੇ ਵਿੱਚੋਂ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰ ਦਿੱਤੇ ਗਏ ਸਨ, ਪਰ ਬੀਤੀ ਦੇਰ ਰਾਤ ਜਥੇ ਦੇ 14 ਹੋਰ ਮੈਂਬਰਾਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਵੀਜ਼ੇ ਰੱਦ ਕਰਨ ਨਾਲ ਸ਼੍ਰੋਮਣੀ ਕਮੇਟੀ ਦੇ ਜਥੇ ’ਤੇ ਅਸਰ ਪਿਆ ਹੈ, ਪਰ ਫਿਰ ਵੀ ਪ੍ਰਬੰਧਕਾਂ ਨੂੰ ਵੀਜ਼ੇ ਮੁੜ ਦੇਣ ਲਈ ਧੰਨਵਾਦੀ ਹਾਂ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਾ ਇਕ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪੁੱਜ ਚੁੱਕਾ ਹੈ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਮੈਨੇਜਰ ਸ. ਸੁਖਰਾਜ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਹੋਰ ਹਾਜ਼ਰ ਸਨ। 
ਇਸ ਦੌਰਾਨ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਸ਼ਹੀਦੀ ਸਾਕੇ ਸਬੰਧੀ ਸਮਾਗਮਾਂ ਦੀ ਆਰੰਭਤਾ ਹੋਈ। ਇਸ ਤਹਿਤ ਸਾਕੇ ਦੇ ਸਥਾਨ ਹਸਨ ਅਬਦਾਲ ਦੇ ਰੇਲਵੇ ਸਟੇਸ਼ਨ ’ਤੇ ਗੁਰਮਤਿ ਸਮਾਗਮ ਹੋਇਆ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾ ਵੀਚਾਰਾਂ ਹੋਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਥੇ ਦੇ ਮੈਂਬਰਾਂ ਸਮੇਤ ਸੰਗਤ ਵੀ ਮੌਜੂਦ ਸੀ

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …