ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ
–
ਗੁਰਸ਼ਰਨ ਸਿੰਘ ਸੰਧੂ
ਅੰਮ੍ਰਿਤਸਰ, 8 ਨਵੰਬਰ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਨੇ ਹਾਜ਼ਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਬਚਨ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਭੰਗਾਲਾ ਨੇ ਸਰਵਣ ਕਰਵਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਤੋਂ ਪਹਿਲਾਂ ਸੰਸਾਰ ’ਤੇ ਅਗਿਆਨਤਾ ਦਾ ਹਨੇਰਾ ਪਸਰਿਆ ਹੋਇਆ ਸੀ, ਜਿਸ ਨੂੰ ਗੁਰੂ ਸਾਹਿਬ ਨੇ ਗੁਰਬਾਣੀ ਦੇ ਚਾਨਣ ਰਾਹੀਂ ਦੂਰ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸੰਸਾਰ ’ਤੇ ਫੈਲੀ ਜਾਤ-ਪਾਤ, ਵਰਣ-ਵੰਡ ਦੀ ਬੁਰਾਈ ਨੂੰ ਦੂਰ ਕਰਦਿਆਂ ਮਨੁੱਖਤਾ ਨੂੰ ਏਕੇ ਵਿਚ ਪਰੋਇਆ। ਇਸ ਦੇ ਨਾਲ ਹੀ ਉਨ੍ਹਾਂ ਔਰਤਾਂ ਨੂੰ ਸਮਾਜ ਅੰਦਰ ਉੱਚਾ ਅਤੇ ਬਰਾਬਰ ਸਨਮਾਨ ਦਿੱਤਾ। ਉਨ੍ਹਾਂ ਆਖਿਆ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਰਬਸਾਂਝੇ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਵੀ ਕੀਤੀ।
ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਗੁਰਮੀਤ ਸਿੰਘ ਬੂਹ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਕੌਰ ਸਿੰਘ, ਜਥੇਦਾਰ ਗੁਰਲਾਲ ਸਿੰਘ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਲਸੀਆ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਬੀਬੀ ਜੋਗਿੰਦਰ ਕੌਰ ਬਠਿੰਡਾ, ਮਾਸਟਰ ਅਮਰੀਕ ਸਿੰਘ ਵਿਛੋਆ, ਸ. ਅਮਰਜੀਤ ਸਿੰਘ ਭਲਾਈਪੁਰ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਨਿਰਵੈਲ ਸਿੰਘ, ਸ. ਲਖਬੀਰ ਸਿੰਘ, ਸ. ਪਰਮਜੀਤ ਸਿੰਘ ਹਰਿਆਣਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।