ਸਾਰਾਗੜ੍ਹੀ ਜੰਗ ਸਬੰਧੀ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਹੋਰ ਅਹੁਦੇਦਾਰਾਂ ਨੂੰ ਭੇਟਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 23 ਨਵੰਬਰ-ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਸਾਰਾਗੜ੍ਹੀ ਜੰਗ ਨਾਲ ਸਬੰਧਤ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਭੇਟ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ. ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਸੰਗਤਾਂ ਤੱਕ ਲਿਜਾਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਸਮੇਂ ਡਾ. ਜੋਸਨ ਨੇ ਕਿਹਾ ਕਿ ਸਾਰਾਗੜ੍ਹੀ ਜੰਗ ਵਿਸ਼ਵ ਇਤਿਹਾਸ ਦਾ ਉਹ ਪੰਨਾ ਹੈ, ਜਿਸ ਨੇ ਸਿੱਖ ਫ਼ੌਜੀਆਂ ਦੀ ਬਹਾਦਰੀ ਨੂੰ ਪੂਰੀ ਦੁਨੀਆਂ ਵਿਚ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਣ ਦੀ ਗੱਲ ਹੈ ਕਿ ਅਸੀਂ ਅਜਿਹੇ ਸਿੱਖ ਬਹਾਦਰਾਂ ਦੇ ਵਾਰਸ ਹਾਂ। ਉਨ੍ਹਾਂ ਦੱਸਿਆ ਕਿ ਕੋਫੀ ਟੇਬਲ ਬੁੱਕ ਦੇ ਰੂਪ ਵਿਚ ਤਿਆਰ ਕੀਤੀ ਗਈ ਇਹ ਪੁਸਤਕ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਉਭਾਰਨ ਦੇ ਨਾਲ-ਨਾਲ ਸਿੱਖ ਕੌਮ ਦੀ ਪ੍ਰਾਪਤੀਆਂ ਤੋਂ ਸੰਗਤ ਨੂੰ ਜਾਣੂ ਕਰਵਾਏਗੀ। ਉਨ੍ਹਾਂ ਦੱਸਿਆ ਕਿ ਇਸ ਵਿਚ ਬੇਮਿਸਾਲ ਬਹਾਦਰੀ ਦੀ ਗਾਥਾ ਲਿਖਣ ਵਾਲੇ ਛੱਤੀ ਸਿੱਖ ਰੈਜੀਮੈਂਟ ਦੇ 21 ਸਿੱਖ ਸਿਪਾਹੀਆਂ ਦੀਆਂ ਤਸਵੀਰਾਂ ਅਤੇ ਉਨ੍ਹਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਫਾਊਂਡੇਸ਼ਨ ਦਾ ਯਤਨ ਸਾਰਾਗੜ੍ਹੀ ਦੀ ਜੰਗ ਦਾ ਇਤਿਹਾਸ ਵੱਧ ਤੋਂ ਵੱਧ ਪ੍ਰਚਾਰਨਾ ਅਤੇ ਭਵਿੱਖ ਦੀਆਂ ਪੀੜ੍ਹੀਆਂ ਤੱਕ ਲਿਜਾਣਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਗੁਰਨਾਮ ਸਿੰਘ ਜੱਸਲ, ਸ. ਪਰਮਜੀਤ ਸਿੰਘ ਖਾਲਸਾ, ਸ. ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਭੁਪਿੰਦਰ ਸਿੰਘ ਅਸੰਧ ਤੇ ਸ. ਮਲਕੀਤ ਸਿੰਘ ਚੰਗਾਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।