ਪ੍ਰਮੁੱਖ ਸ਼ਖਸੀਅਤਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਰਧਾ ਨਾਲ ਕੀਤੀ ਸ਼ਮੂਲੀਅਤ, ਵੱਖ ਵੱਖ ਥਾਵਾਂ ’ਤੇ ਹੋਇਆ ਭਰਵਾਂ ਸਵਾਗਤਗੁਰਸ਼ਰਨ ਸਿੰਘ ਸੰਧੂ ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸਮੇਂ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਉਥੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਵੀ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਪੁੱਜੀਆਂ ਹੋਈਆਂ ਸਨ।ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਇਸ ਦੌਰਾਨ ਸੰਗਤੀ ਰੂਪ ਵਿਚ ਜਪੁ ਜੀ ਸਾਹਿਬ ਦੇ ਪਾਠ ਮਗਰੋਂ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸਰਵਣ ਕਰਵਾਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ।ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਸਮੇਂ ਸਜਾਏ ਗਏ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਅਤੇ ਸਮਾਪਤੀ ਦੀ ਅਰਦਾਸ ਗਿਆਨੀ ਹਰਪਾਲ ਸਿੰਘ ਨੇ ਕੀਤੀ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਖਾਲਸਾ, ਬਾਬਾ ਗੁਰਪ੍ਰੀਤ ਸਿੰਘ, ਸਾਬਕਾ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਭਾਈ ਅਮਰਜੀਤ ਸਿੰਘ ਚਾਵਲਾ, ਗਿਆਨੀ ਫੂਲਾ ਸਿੰਘ, ਗਿਆਨੀ ਪ੍ਰਣਾਮ ਸਿੰਘ, ਗਿਆਨੀ ਪ੍ਰਿਤਪਾਲ ਸਿੰਘ, ਗਿਆਨੀ ਜਸਵਿੰਦਰ ਸਿੰਘ, ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਜਸਮੇਰ ਸਿੰਘ ਲਾਛੜੂ, ਸ. ਹਰਪਾਲ ਸਿੰਘ ਜੱਲਾ, ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ, ਬਾਬਾ ਹਰਦੇਵ ਸਿੰਘ ਲੰਗਰਾਂ ਵਾਲ, ਬਾਬਾ ਮੇਜਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ. ਜਗਦੀਪ ਸਿੰਘ ਚੀਮਾ, ਸ. ਕਰਨੈਲ ਸਿੰਘ ਪੀਰ ਮੁਹੰਮਦ, ਸ. ਜਗਮੀਤ ਸਿੰਘ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ, ਵਿਧਾਇਕ ਸ. ਲਖਬੀਰ ਸਿੰਘ ਰਾਏ, ਸ. ਦੇਵ ਸਿੰਘ ਮਾਨ, ਇੰਚਾਰਜ ਸ. ਗੁਰਨਾਮ ਸਿੰਘ, ਸ. ਸੁਖਬੀਰ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਗੁਰਦੀਪ ਸਿੰਘ ਕੰਗ, ਸ. ਨੱਥਾ ਸਿੰਘ, ਸ. ਜਰਨੈਲ ਸਿੰਘ, ਸ. ਅਮਰਜੀਤ ਸਿੰਘ, ਮੀਤ ਮੈਨੇਜਰ ਸ. ਜਰਨੈਲ ਸਿੰਘ, ਆਦਿ ਹਾਜ਼ਰ ਸਨ।ਇਸੇ ਦੌਰਾਨ ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਜੀ ਦੇ ਸਾਹਿਬਜ਼ਾਦਿਆਂ ਵੱਲੋਂ ਸ਼ਹਾਦਤ ਦੇ ਕੇ ਪਾਈਆਂ ਪੈੜਾਂ ਸਦਕਾ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦੇ ਸਾਡੇ ਬਾਬੇ ਹਨ, ਜਿਨ੍ਹਾਂ ਦੀ ਸ਼ਹਾਦਤ ਕੌਮ ਦੀ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਇਤਿਹਾਸ ਅਤੇ ਵਿਰਾਸਤ ਨੂੰ ਬਦਲਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਨ੍ਹਾਂ ਤੋਂ ਕੌਮ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਕੌਮ ਲਈ ਮਾਰਗ ਦਰਸ਼ਨ ਹੈ ਅਤੇ ਸਮੁੱਚੀ ਕੌਮ ਦਾ ਫ਼ਰਜ਼ ਬਣਦਾ ਹੈ ਕਿ ਆਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਪ੍ਰਾਪਤ ਕਰੇ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ’ਤੇ ਵੱਡੇ ਹਮਲੇ ਹੋ ਰਹੇ ਹਨ ਅਤੇ ਸਾਡੇ ਪੰਥਕ ਪ੍ਰਬੰਧਾਂ ਵਿਚ ਵੀ ਦਖ਼ਲਅੰਦਾਜ਼ੀ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬਾਨ ਦੇ ਪ੍ਰਬੰਧ ਵਿਚ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ ਅਤੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਹਥਿਆਉਣ ਲਈ ਵੀ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦਾ ਪ੍ਰਬੰਧ ਖਾਲਸਾ ਕਰਦਾ ਆਇਆ ਹੈ ਅਤੇ ਖਾਲਸੇ ਨੇ ਕਦੇ ਵੀ ਸਰਕਾਰਾਂ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ। ਉਨ੍ਹਾਂ ਸ਼ਹੀਦੀ ਸਮਾਗਮ ਸਮੇਂ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸਹਾਦਤ ਦਾ ਦਿਹਾੜਾ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਨਾਲ ਬਾਬਾ ਕਹਿੰਦੇ ਹਾਂ ਅਤੇ ਇਹ ਲਕਬ ਵਿਰਲੇ ਸਿੱਖਾਂ ਨੂੰ ਮਿਲਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਲਾਸਾਨੀ ਵਿਰਸੇ ਦੀ ਵਾਰਸ ਹੈ ਅਤੇ ਕੌਮ ਦੇ ਇਤਿਹਾਸ ਅੰਦਰ ਸ਼ਹਾਦਤਾਂ ਦੀ ਲੰੰਮੀ ਲੜੀ ਮੌਜੂਦ ਹੈ। ਉਨ੍ਹਾਂ’ਤੇ ਜ਼ੋਰ ਦਿੰਦਿਆਂ ਸਿੱਖ ਕੌਮ ਨੂੰ ਗੁਰਬਾਣੀ, ਇਤਿਹਾਸ, ਮਰਯਾਦਾ ਅਜੋਕੀ ਨੌਜੁਆਨੀ ਨੂੰ ਆਪਣੇ ਇਤਿਹਾਸ ਤੋਂ ਵਾਕਫ ਕਰਵਾਉਣ ਦੀ ਵੱਡੀ ਲੋੜ ਅਤੇ ਪ੍ਰੰਪਰਾਵਾਂ ਦੇ ਗਿਆਨ ਤੋਂ ਜਾਣੂ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕੌਮ ਨੂੰ ਆਪਣੀਆਂ ਰਵਾਇਤਾਂ, ਪ੍ਰੰਪਰਾਵਾਂ ਅਤੇ ਵਿਰਾਸਤ ਦੀ ਅਗਵਾਈ ਵਿਚ ਕੌਮੀ ਇਕਜੁਟਤਾ ਲਈ ਯਤਨਸ਼ੀਲ ਰਹਿਣ ਦੀ ਪ੍ਰੇਰਣਾ ਵੀ ਕੀਤੀ। ਇਸ ਸਮੇਂ ਸਟੇਜ ਦੀ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਭਾਵੁਕ ਪਲਾਂ ਨੂੰ ਸੰਗਤ ਨਾਲ ਸਾਂਝਾ ਕਰਦੇ ਹੋਏ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸੇਵਾ ਕਰਦਿਆਂ ਸ਼ਹੀਦ ਹੋਣ ਵਾਲੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ।ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ 26 ਦਸੰਬਰ ਨੂੰ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਸਵੇਰੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਭਾਈ ਰਣਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਅਜਮੇਰ ਸਿੰਘ ਨੇ ਕੀਤੀ। ਸੰਗਤ ਨੂੰ ਗੁਰਬਾਣੀ ਦਾ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਦੂਖਨਿਵਾਰਣ ਸਾਹਿਬ ਪਟਿਆਲਾ ਦੇ ਮੁੱਖ ਗ੍ਰੰਥੀ ਗਿਆਨੀ ਪ੍ਰਿਤਪਾਲ ਸਿੰਘ ਨੇ ਸਰਵਨ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਤਿਕਾਰ ਭੇਟ ਕੀਤਾ।ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਉਸ ਵੇਲੇ ਮਾਹੌਲ ਹੋਰ ਵੀ ਵਿਸਮਾਦੀ ਹੋ ਗਿਆ, ਜਦੋਂ ਸੰਗਤਾਂ ਨੇ ਸੰਗਤੀ ਰੂਪ ਵਿਚ ਮੂਲਮੰਤਰ ਦੇ ਜਾਪ ਕੀਤੇ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਗਤਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਵੇਰੇ 10:00 ਵਜੇ 10 ਮਿੰਟ ਲਈ ਮੂਲਮੰਤਰ ਦਾ ਜਾਪ ਕਰਨ ਲਈ ਕਿਹਾ ਗਿਆ ਸੀ। ਇਸ ਸਬੰਧ ਵਿਚ ਜਿਥੇ ਗੁਰਦੁਆਰਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਮੂਲਮੰਤਰ ਦੇ ਜਾਪ ਹੋਏ, ਉਥੇ ਹੀ ਸ਼ਹੀਦੀ ਨਗਰ ਕੀਰਤਨ ਵਿਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਵੀ ਮੂਲਮੰਤਰ ਦਾ ਜਾਪ ਕਰਕੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸਤਿਕਾਰ ਭੇਟ ਕੀਤਾ।Po