ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ
ਅਮਰੀਕ ਸਿੰਘ
ਅੰਮ੍ਰਿਤਸਰ, 26 ਫਰਵਰੀ
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ. ਸੀ. ਏ. ਸਮੈਸਟਰ ਤੀਜ਼ਾ ਦੇ ਐਲਾਨੇ ਗਏ ਪ੍ਰੀਖਿਆ ਦੇ ਨਤੀਜੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ। ਕਾਲਜ ਵਿਦਿਆਰਥਣ ਸਨੇਹਾ ਨੇ 300 ’ਚੋਂ 251 ਅਤੇ ਜਸਪ੍ਰੀਤ ਕੌਰ ਨੇ 238 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।
ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪਿ੍ਰੰਸੀਪਲ ਸ: ਨਾਨਕ ਸਿੰਘ ਅਤੇ ਉਨ੍ਹਾਂ ਦੇ ਸਟਾਫ਼ ਨੂੰ ਉਕਤ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਿੰ: ਨਾਨਕ ਸਿੰਘ ਦੀ ਅਗਵਾਈ ਹੇਠ ਕਾਲਜ ਸਫਲਤਾ ਦੀਆਂ ਨਵੀਆਂ ਇਬਾਰਤਾਂ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਗਵਰਨਿੰਗ ਕੌਂਸਲ ਵਿਦਿਆਰਥੀਆਂ ਨੂੰ ਸਮੇਂ ਅਤੇ ਜਰੂਰਤ ਮੁਤਾਬਕ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
ਇਸ ਮੌਕੇ ਪ੍ਰਿੰ: ਸ. ਨਾਨਕ ਸਿੰਘ ਨੇ ਕੌਂਸਲ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਖ਼ਾਸਕਰ ਸ: ਛੀਨਾ ਵਲੋਂ ਸਮੇਂ ਸਮੇਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਧੰਨਵਾਦ ਕਰਦਿਆਂ ਪ੍ਰੀਖਿਆ ’ਚ ਸ਼ਾਨਦਾਰ ਅੰਕ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ। ਪ੍ਰਿੰ: ਸ: ਨਾਨਕ ਸਿੰਘ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ ’ਤੇ ਸਟਾਫ਼ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਨੂੰ ਸਲਾਹਿਆ।