ਝਾਰਖੰਡ ‘ਚ ਹੋਏ ਗੁਰਮਤਿ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼ਮੂਲੀਅਤ ਕੀਤੀ*
• *ਸਮੁੱਚੀ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਖਾਲਸਾਈ ਨਿਸ਼ਾਨ ਸਾਹਿਬ ਦੀ ਅਗਵਾਈ ਵਿਚ ਇਕਮੁਠ ਹੋਣ ਦਾ ਦਿੱਤਾ ਸੰਦੇਸ਼
ਅਮਰੀਕ ਸਿੰਘ
ਅੰਮ੍ਰਿਤਸਰ, 15 ਮਾਰਚ
ਝਾਰਖੰਡ ਦੇ ਜ਼ਿਲ੍ਹਾ ਹਜਾਰੀਬਾਗ ਸਥਿਤ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰਨ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਖਾਲਸਾਈ ਨਿਸ਼ਾਨ ਸਾਹਿਬ ਦੀ ਅਗਵਾਈ ਵਿਚ ਇਕਮੁਠ ਹੋਣ ਦਾ ਸੁਨੇਹਾ ਦਿੱਤਾ। ਉਨ੍ਹਾਂ ਪੰਜਾਬ ਤੋਂ ਬਾਹਰ ਰਹਿੰਦੇ ਸਿੱਖਾਂ ਨੂੰ ਆਪਣੀਆਂ ਜੜ੍ਹਾਂ ਮਜ਼ਬੂਤ ਕਰਨ ਲਈ ਆਪਣੇ ਬੱਚਿਆਂ ਨੂੰ ‘ਊੜੇ’ ਤੇ ‘ਜੂੜੇ’ ਦੇ ਨਾਲ ਜੋੜੀ ਰੱਖਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਹਰੇਕ ਸਿੱਖ ਆਪਣੇ ਸਿਧਾਂਤਾਂ ਅਤੇ ਵਿਰਸੇ ਵਿਚ ਪਰਪੱਕ ਰਹੇਗਾ, ਉਹ ਦੁਨੀਆ ਦੇ ਕਿਸੇ ਵੀ ਕੋਨੇ ਵਿਚ ਰਹਿੰਦਾ ਆਪਣੀ ਵੱਖਰੀ ਪਛਾਣ ਤੇ ਸਵੈਮਾਣ ਨੂੰ ਕਾਇਮ ਰੱਖੇਗਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਆਖਿਆ ਕਿ ਅੱਜ ਸੰਸਾਰ ਵਿਚ ਵੱਧ ਰਹੀ ਸੰਕੀਰਣਤਾ ਅਤੇ ਨਫਰਤ ਨੂੰ ਖ਼ਤਮ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬ-ਕਲਿਆਣਕਾਰੀ ਉਪਦੇਸ਼ਾਂ ਦਾ ਚਾਨਣ ਚੁਫੇਰੇ ਬਿਖੇਰਨ ਦੀ ਲੋੜ ਹੈ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸੈਂਟਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਗਵਾਨ ਸਿੰਘ, ਝਾਰਖੰਡ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ਼ੈਲਿੰਦਰ ਸਿੰਘ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਬਿੱਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਸਾਹਿਬ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਇੰਚਾਰਜ ਭਾਈ ਅਜੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ, ਦਵਿੰਦਰ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ, ਗਿਆਨੀ ਕੁਲਦੀਪ ਸਿੰਘ ਸ਼ੇਰਗਿੱਲ, ਗੁਰਚਰਨ ਸਿੰਘ ਬਿੱਲਾ, ਸੁਖਦੇਵ ਸਿੰਘ ਬਿੱਟੂ, ਸੁਰਿੰਦਰ ਸਿੰਘ ਸ਼ਿੰਦੇ, ਅਮਰੀਕ ਸਿੰਘ ਸਿੱਖ ਨੌਜਵਾਨ ਸਭਾ, ਗਿਆਨ ਸਿੰਘ, ਨਰਿੰਦਰ ਸਿੰਘ ਅਤੇ ਬੰਟੀ ਸਿੰਘ ਆਦਿ ਵੀ ਹਾਜ਼ਰ ਸਨ।